ਚੰਡੀਗੜ੍ਹ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਗੁਰਦੁਆਰਾ ਸਾਹਿਬ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਸਾਰੇ ਅਫਗਾਨ ਸਿੱਖਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕਰਨ ਲਈ ਲੋੜੀਂਦੇ ਕਦਮ ਚੁੱਕਣ, ਜੋ ਅਫਗਾਨਿਸਤਾਨ ਛੱਡ ਕੇ ਭਾਰਤ ਵਿਚ ਵਸਣਾ ਚਾਹੁੰਦੇ ਹਨ।
ਸੁਖਬੀਰ ਬਾਦਲ ਨੇ ਟਵੀਟ ਕਰਦਿਆ ਇੱਕ ਵੀਡੀਓ ਜਾਰੀ ਕੀਤੀ ਹੈ, ਜਿਸ ਵਿੱਚ ਉਹ ਕਹਿ ਰਹੇ ਹਨ ਕਿ ਕਾਬੁਲ ਵਿੱਚ ਹੋਏ ਹਮਲੇ ਤੋਂ ਬਾਅਦ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਸੀ ਕਿ ਤਕਰੀਬਨ 500 ਕੁ ਪਰਿਵਾਰ ਅਫਗਾਨਿਸਤਾਨ ਵਿੱਚ ਰਹਿ ਗਿਆ ਹੈ। ਉਨ੍ਹਾਂ ਨੇ ਕਿਹਾ ਜੋ ਸਿੱਖ ਪਰਿਵਾਰ ਉੱਥੇ ਰਹਿ ਗਏ ਹਨ ਉਹ ਹਰ ਰੋਜ ਜ਼ਿੰਦਗੀ ਮੌਤ ਦਾ ਸਾਹਮਣਾ ਕਰ ਰਹੇ ਹਨ, ਉਹ ਭਾਰਤ ਆਉਣਾ ਚਾਹੁੰਦੇ ਹਨ। ਇਸ ਨੇ ਨਾਲ ਹੀ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਕਿ ਅਫਗਾਨਿਸਤਾਨ ਦੇ ਰਾਸ਼ਟਰਪਤੀ ਨਾਲ ਗੱਲ ਕਰਕੇ ਜਿਨ੍ਹੇ ਵੀ ਪਰਿਵਾਰ ਅਫਗਾਨਿਸਤਾਨ ਵਿੱਚੋਂ ਭਾਰਤ ਆਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਵਾਪਸ ਭਾਰਤ ਲਿਆਂਦਾ ਜਾਵੇ।
ਉਥੇ ਹੀ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਅਫਗਾਨਿਸਤਾਨ ਵਿੱਚ ਵਸਦੇ ਸਿੱਖਾਂ ਦੀ ਸੁਰੱਖਿਆ ਦਾ ਮੁੱਦਾ ਉੱਥੇ ਦੀ ਸਰਕਾਰ ਕੋਲ ਉਠਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਅਫਗਾਨਿਸਤਾਨ ਵਿਚ ਬਹੁਤ ਜ਼ਿਆਦਾ ਕਸ਼ਟ ਭੋਗਣੇ ਪੈ ਰਹੇ ਹਨ। ਹਰ ਰੋਜ਼ ਉਨ੍ਹਾਂ ਨੂੰ ਧਮਕੀਆਂ ਮਿਲ ਰਹੀਆਂ ਹਨ। ਇਸ ਤੋਂ ਪਹਿਲਾਂ ਵੀ ਉੱਥੇ ਸਿੱਖਾਂ ਉਤੇ ਹਮਲੇ ਹੋ ਚੁੱਕੇ ਹਨ, ਉਨ੍ਹਾਂ ਕਿਹਾ ਕਿ ਬਹੁਤ ਸਾਰੇ ਸਿੱਖ ਅਫਗਾਨਿਸਤਾਨ ਛੱਡ ਕੇ ਭਾਰਤ ਵਿਚ ਵਸਣਾ ਚਾਹੁੰਦੇ ਹਨ। ਇਸ ਲਈ ਜਲਦੀ ਤੋਂ ਜਲਦੀ ਉਨ੍ਹਾਂ ਦਾ ਇੱਥੇ ਮੁੜ ਵਸੇਬਾ ਕਰਵਾਇਆ ਜਾਣਾ ਚਾਹੀਦਾ ਹੈ।