ਨਵੀਂ ਦਿੱਲੀ: ਕਾਂਗਰਸ ਵੱਲੋਂ ਮਜ਼ਦੂਰਾਂ ਦੀ ਘਰ ਵਾਪਸੀ ਲਈ ਭੇਜੀਆਂ ਬੱਸਾਂ ਨੂੰ ਯੂਪੀ ਸਰਕਾਰ ਵੱਲੋਂ ਸੂਬੇ ਵਿੱਚ ਦਾਖ਼ਲ ਹੋਣ ਦੀ ਆਗਿਆ ਨਾ ਦਿੱਤੇ ਜਾਣ ਤੋਂ ਬਾਅਦ ਲਗਭਗ 980 ਬੱਸਾਂ ਭਰਤਪੁਰ, ਅਲਵਰ ਅਤੇ ਰਾਜਸਥਾਨ ਦੇ ਹੋਰ ਹਿੱਸਿਆਂ ਵਿੱਚ ਪਰਤ ਗਈਆਂ ਹਨ। ਇਸ ਤੋਂ ਬਾਅਦ ਕਾਂਗਰਸ ਨਵੀਂ ਅਰਜ਼ੀ ਦੇਣ ਲਈ ਤਿਆਰ ਹੈ ਅਤੇ ਕਾਂਗਰਸੀ ਆਗੂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਮਿਲਣਗੇ।
ਉੱਤਰ ਪ੍ਰਦੇਸ਼ ਸਰਕਾਰ ਦੇ ਇਹ ਕਹਿਣ ਤੋਂ ਬਾਅਦ ਕਿ ਉਨ੍ਹਾਂ ਨੂੰ ਬੱਸਾਂ ਦੀ ਸੂਚੀ ਕਾਂਗਰਸ ਕੋਲੋਂ ਨਹੀਂ ਮਿਲੀ, ਪਾਰਟੀ ਨੇਤਾਵਾਂ ਨੇ ਕਿਹਾ ਕਿ ਉਹ ਸੂਚੀ ਸੋਮਵਾਰ ਨੂੰ ਮੁੱਖ ਮੰਤਰੀ ਦਫ਼ਤਰ ਨੂੰ ਦੇਣਗੇ।
ਯੂਪੀ ਕਾਂਗਰਸ ਦੇ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਜੀਤਿਨ ਪ੍ਰਸਾਦ ਨੇ ਕਿਹਾ, "ਪਿਛਲੇ ਤਿੰਨ ਦਿਨਾਂ ਤੋਂ ਪ੍ਰਿਅੰਕਾ ਗਾਂਧੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਰਾਜ ਵਿੱਚ ਬੱਸਾਂ ਦੀ ਆਗਿਆ ਦੇਣ ਲਈ ਲਿਖ ਰਹੇ ਹਨ, ਪਰ ਆਗਿਆ ਨਹੀਂ ਦਿੱਤੀ ਗਈ ਅਤੇ 12 ਘੰਟਿਆਂ ਬਾਅਦ ਬੱਸਾਂ ਵਾਪਸ ਭੇਜਣੀਆਂ ਪਈਆਂ।"
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਐਤਵਾਰ ਨੂੰ ਯੋਗੀ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਉਹ ਬੱਸਾਂ ਨੂੰ ਰਾਜ ਵਿੱਚ ਦਾਖ਼ਲ ਹੋਣ ਦੀ ਆਗਿਆ ਦੇਣ ਜੋ ਸਰਹੱਦ 'ਤੇ ਪਹੁੰਚ ਗਈਆਂ ਹਨ ਅਤੇ ਫ਼ਸੀਆਂ ਹੋਈਆਂ ਹਨ। ਉਨ੍ਹਾਂ ਨੇ ਯੂਪੀ ਦੇ ਮੁੱਖ ਮੰਤਰੀ ਨੂੰ ਇੱਕ ਵੀਡੀਓ ਅਪੀਲ ਜਾਰੀ ਕੀਤੀ ਸੀ। ਤਕਰੀਬਨ 400 ਬੱਸਾਂ ਬਹਾਜ ਗੋਵਰਧਨ ਸਰਹੱਦ 'ਤੇ ਪਹੁੰਚੀਆਂ ਸਨ ਅਤੇ ਇਨ੍ਹਾਂ ਵਿੱਚ ਪ੍ਰਵਾਸੀ ਮਜ਼ਦੂਰ ਸਵਾਰ ਸਨ।
ਸ਼ਨੀਵਾਰ ਨੂੰ ਪ੍ਰਿਯੰਕਾ ਗਾਂਧੀ ਨੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਸੀ ਕਿ ਔਰਿਆ ਵਿੱਚ ਹਾਦਸਾ ਹੋਣ ਤੋਂ ਬਾਅਦ ਪ੍ਰਵਾਸੀਆਂ ਲਈ 1000 ਬੱਸਾਂ ਚਲਾਉਣ ਦੀ ਆਗਿਆ ਦਿੱਤੀ ਜਾਵੇ। ਪੂਰਬੀ ਉੱਤਰ ਪ੍ਰਦੇਸ਼ ਵਿੱਚ ਪਾਰਟੀ ਮਾਮਲਿਆਂ ਦੀ ਜ਼ਿੰਮੇਵਾਰੀ ਨਿਭਾਉਣ ਵਾਲੀ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਕਾਂਗਰਸ ਇਨ੍ਹਾਂ ਬੱਸਾਂ ਦਾ ਖਰਚਾ ਚੁੱਕੇਗੀ।
ਪ੍ਰਿਯੰਕਾ ਗਾਂਧੀ ਨੇ ਪੱਤਰ ਵਿੱਚ ਕਿਹਾ ਸੀ, "ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪੈਦਲ ਚੱਲਦਿਆਂ ਲੱਖਾਂ ਮਜ਼ਦੂਰ ਆਪਣੇ ਘਰਾਂ ਨੂੰ ਪਰਤਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਉਨ੍ਹਾਂ ਲਈ ਇੰਨੇ ਇੰਤਜ਼ਾਮ ਨਹੀਂ ਕੀਤੇ ਗਏ ਹਨ। ਅਸੀਂ ਗਾਜ਼ੀਪੁਰ ਅਤੇ ਨੋਇਡਾ ਸਰਹੱਦ ਤੋਂ 500-500 ਬੱਸਾਂ ਚਲਾਉਣਾ ਚਾਹੁੰਦੇ ਹਾਂ।"