ਨਵੀਂ ਦਿੱਲੀ: ਦੇਸ਼ ਵਿੱਚ ਜਾਰੀ ਕੋਰੋਨਾ ਸੰਕਟ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਬੈਠਕ ਹੋਈ। ਮੀਟਿੰਗ ਵਿੱਚ ਐਮ.ਐਸ.ਐਮ.ਈ. ਅਤੇ ਕਿਸਾਨਾਂ ਲਈ ਕਈ ਅਹਿਮ ਫੈਸਲੇ ਲਏ ਗਏ। ਕੇਂਦਰੀ ਮੰਤਰੀਆਂ ਪ੍ਰਕਾਸ਼ ਜਾਵਡੇਕਰ, ਨਿਤਿਨ ਗਡਕਰੀ ਅਤੇ ਨਰਿੰਦਰ ਸਿੰਘ ਤੋਮਰ ਨੇ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਐਮ.ਐਸ.ਐਮ.ਈ. ਭਾਰਤੀ ਅਰਥਚਾਰੇ ਦੀ ਰੀੜ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਐਮ.ਐਸ.ਐਮ.ਈ. ਨੂੰ ਲੋੜੀਂਦੇ ਫੰਡ ਦਿੱਤੇ ਗਏ ਹਨ ਅਤੇ ਉਨ੍ਹਾਂ ਨੂੰ ਕਰਜ਼ੇ ਦੇਣ ਲਈ ਕਈ ਯੋਜਨਾਵਾਂ ਬਣੀਆਂ ਹਨ। ਜਾਵਡੇਕਰ ਨੇ ਕਿਹਾ ਕਿ ਹੁਣ ਛੋਟੇ ਅਤੇ ਦਰਮਿਆਨੇ ਕਾਰੋਬਾਰਾਂ ਨੂੰ ਸਟਾਕ ਮਾਰਕੀਟ ਵਿੱਚ ਸੂਚੀਬੱਧ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਐਮ.ਐਸ.ਐਮ.ਈ. ਵਿੱਚ ਨਵੀਆਂ ਨੌਕਰੀਆਂ ਆਉਣਗੀਆਂ। ਜਾਵਡੇਕਰ ਨੇ ਕਿਹਾ ਕਿ ਬੈਠਕ 'ਚ ਕਿਸਾਨਾਂ ਲਈ ਵੱਡੇ ਫੈਸਲੇ ਲਏ ਗਏ ਹਨ। ਕਿਸਾਨਾਂ ਦੀਆਂ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਕੁੱਲ ਲਾਗਤ ਦਾ ਡੇਢ ਗੁਣਾ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਨੇ 14 ਸਾਉਣੀ ਦੀਆਂ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ 50 ਤੋਂ ਵਧਾ ਕੇ 83% ਕਰ ਦਿੱਤਾ ਹੈ। ਜਾਵਡੇਕਰ ਨੇ ਕਿਹਾ ਕਿ ਮੰਤਰੀ ਮੰਡਲ ਦੇ ਇਸ ਫੈਸਲੇ ਨਾਲ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਹੁਣ ਆਪਣੀਆਂ ਫਸਲਾਂ ਜਿੱਥੇ ਚਾਹੇ ਵੇਚ ਸਕਣਗੇ। ਕੇਂਦਰੀ ਮੰਤਰੀ ਨੇ ਕਿਹਾ ਕਿ ਸਰਕਾਰ ਗਰੀਬਾਂ ਪ੍ਰਤੀ ਸੰਵੇਦਨਸ਼ੀਲ ਹੈ।