ਚੰਡੀਗੜ੍ਹ: ਪਾਕਿਸਤਾਨ ਵਿੱਚ ਸਿੱਖ ਕੁੜੀ ਨੂੰ ਜਬਰੀ ਇਸਲਾਮ ਕਬੂਲ ਕਰਵਾ ਕੇ ਨਿਕਾਹ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ 8 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਖ਼ਬਰ ਸਾਹਮਣੇ ਆਈ ਸੀ। ਪੀੜਤ ਪਰਿਵਾਰ ਨੇ ਇਨ੍ਹਾਂ ਰਿਪੋਰਟਾਂ ਨੂੰ ਗ਼ਲਤ ਦੱਸਿਆ ਹੈ। ਪੀੜਤ ਸਿੱਖ ਲੜਕੀ ਦੇ ਭਰਾ ਨੇ ਕਿਹਾ ਕਿ ਉਨ੍ਹਾਂ ਦੀ ਭੈਣ ਨੂੰ ਹੁਣ ਤਕ ਵਾਪਸ ਨਹੀਂ ਕੀਤਾ ਗਿਆ ਤੇ ਨਾ ਹੀ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ।
ਪੀੜਤ ਲੜਕੀ ਦੇ ਭਰਾ ਨੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ, ਆਰਮੀ ਚੀਫ਼ ਅਤੇ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਇਨਸਾਫ ਦਵਾਇਆ ਜਾਵੇ।
ਇਸ ਤੋਂ ਪਹਿਲਾਂ ਖ਼ਬਰ ਆਈ ਸੀ ਕਿ ਪਾਕਿਸਤਾਨ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਹੋਈ ਸਿੱਖ ਕੁੜੀ ਨੂੰ ਜਬਰੀ ਇਸਲਾਮ ਕਬੂਲ ਕਰਵਾਉਣ ਦੇ ਮਾਮਲੇ ਵਿੱਚ ਪਾਕਿਸਤਾਨ ਸਰਕਾਰ ਨੇ ਜਾਂਚ ਦੇ ਹੁਕਮ ਜਾਰੀ ਕੀਤੇ ਸਨ। ਇਸ ਉੱਤੇ ਕਾਰਵਾਈ ਕਰਦਿਆ ਨਨਕਾਨਾ ਸਾਹਿਬ ਦੀ ਪੁਲਿਸ ਨੇ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੀੜਤ ਲੜਕੀ ਨੂੰ ਪਰਿਵਾਰ ਕੋਲ ਭੇਜ ਦਿੱਤਾ ਗਿਆ ਹੈ। ਹਾਲਾਂਕਿ ਪਰਿਵਾਰ ਇਨ੍ਹਾਂ ਰਿਪੋਰਟਾਂ ਨੂੰ ਗ਼ਲਤ ਦੱਸ ਰਿਹਾ ਹੈ। ਕੁੜੀ ਦੇ ਭਰਾ ਦਾ ਕਹਿਣਾ ਹੈ ਕਿ ਜੇ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਆਪਣੇ ਆਪ ਨੂੰ ਅੱਗ ਲਾ ਕੇ ਖੁਦਕੁਸ਼ੀ ਕਰ ਲਵੇਗਾ।