ਨਵੀਂ ਦਿੱਲੀ: ਭਾਰਤ ਦੇ ਗ੍ਰਹਿ ਸਕੱਤਰ ਅਜੇ ਭੱਲਾ ਨੇ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਚਿੱਠੀ ਲਿਖੀ ਹੈ। ਕੇਂਦਰ ਸਰਕਾਰ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਇਨ੍ਹਾਂ ਪ੍ਰੀਖਿਆਵਾਂ ਸਬੰਧੀ ਗ੍ਰਹਿ ਸਕੱਤਰ ਨੇ ਇਸ ਪੱਤਰ ਰਾਹੀਂ ਕੁਝ ਹਦਾਇਤਾਂ ਦਾ ਪਾਲਣ ਕਰਨ ਦੀ ਅਪੀਲ ਪੰਜਾਬ ਦੇ ਮੁੱਖ ਸਕੱਤਰ ਨੂੰ ਕੀਤੀ ਹੈ।
ਚਿੱਠੀ ਅਨੁਸਾਰ ਕਿਸੇ ਵੀ ਕੰਟੇਨਮੈਂਟ ਜ਼ੋਨ ਵਿੱਚ ਪ੍ਰੀਖਿਆ ਕੇਂਦਰ ਨਹੀਂ ਬਣਾਇਆ ਜਾਵੇਗਾ ਅਤੇ ਪ੍ਰੀਖਿਆ ਦੌਰਾਨ ਵਿਦਿਆਰਥੀ, ਸਟਾਫ਼ ਅਤੇ ਅਧਿਆਪਕਾਂ ਦਾ ਮਾਸਕ ਪਾਉਣਾ ਲਾਜ਼ਮੀ ਹੋਵੇਗਾ। ਪ੍ਰੀਖਿਆ ਕੇਂਦਰਾਂ ਵਿੱਚ ਸਮਾਜਿਕ ਦੂਰੀ ਯਕੀਨੀ ਬਣਾਉਣ ਦੀ ਅਪੀਲ ਵੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪ੍ਰੀਖਿਆ ਕੇਂਦਰਾਂ ਦੇ ਬਾਹਰ ਥਰਮਲ ਸਕਰੀਨਿੰਗ ਅਤੇ ਸੈਨੇਟਾਈਜ਼ਰ ਮੁਹੱਈਆ ਕਰਾਉਣ ਦੀ ਗੱਲ ਵੀ ਚਿੱਠੀ ਵਿੱਚ ਲਿਖੀ ਗਈ ਹੈ।
ਇਸ ਮੁਤਾਬਕ ਕੇਂਦਰ ਅਤੇ ਸੂਬੇ ਦੇ ਸਿੱਖਿਆ ਬੋਰਡਾਂ ਦੀਆਂ ਤਰੀਕਾਂ ਜੇਕਰ ਵੱਖ-ਵੱਖ ਦਿਨਾਂ ਨੂੰ ਹੋਣ ਤਾਂ ਬਿਹਤਰ ਹੈ ਤਾਂ ਜੋ ਭੀੜ ਨਾ ਹੋਵੇ। ਜ਼ਰੂਰਤ ਪੈਣ 'ਤੇ ਸੂਬਾ ਸਰਕਾਰਾਂ ਅਤੇ ਕੇਂਦਰ ਸਾਸਤ ਪ੍ਰਦੇਸ਼ ਬੱਚਿਆਂ ਨੂੰ ਪ੍ਰੀਖਿਆ ਕੇਂਦਰ ਤੱਕ ਲਿਆਉਣ ਅਤੇ ਛੱਡਣ ਲਈ ਵਿਸ਼ੇਸ਼ ਬੱਸਾਂ ਦਾ ਪ੍ਰਬੰਧ ਵੀ ਕਰ ਸਕਦੇ ਹਨ।