ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ ਦੌਰਾਨ ਜਨਤਕ ਸੰਪਤੀਆਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਲੈ ਕੇ ਰੇਲ ਰਾਜ ਮੰਤਰੀ ਸੁਰੇਸ਼ ਅੰਗੜੀ ਨੇ ਵਿਵਾਦਿਤ ਬਿਆਨ ਦਿੱਤਾ ਹੈ। ਨਿਊਜ਼ ਏਜੰਸੀ ਏਐਨਆਈ ਨਾਲ ਗੱਲ ਕਰਦਿਆਂ ਭਾਜਪਾ ਸਰਕਾਰ ਦੇ ਮੰਤਰੀ ਨੇ ਕਿਹਾ ਕਿ ਜਨਤਕ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਦੇਖਦੇ ਹੀ ਗੋਲੀ ਮਾਰ ਦਿੱਤੀ ਜਾਵੇ।
ਸੁਰੇਸ਼ ਅੰਗੜੀ ਨੇ ਕਿਹਾ, "ਮੈਂ ਪ੍ਰਸ਼ਾਸਨ ਤੇ ਆਰਪੀਐਫ ਦੋਹਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕਿ ਜਨਤਕ ਸੰਪਤੀਆਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਦੇਖਦੇ ਹੀ ਗੋਲੀ ਮਾਰ ਦਿਓ। ਮੈਂ ਕੇਂਦਰੀ ਮੰਤਰੀ ਵਜੋਂ ਇਹ ਨਿਰਦੇਸ਼ ਦੇ ਰਿਹਾ ਹਾਂ।"
ਰੇਲ ਮੰਤਰੀ ਨੇ ਅੱਗੇ ਕਿਹਾ ਕਿ ਜਦੋਂ ਪੱਛਮੀ ਬੰਗਾਲ ਅਤੇ ਉੱਤਰ ਪੂਰਬੀ ਸੂਬਿਆਂ ਵਿੱਚ ਰੇਲਵੇ ਨੂੰ ਪਹਿਲਾਂ ਤੋਂ ਹੀ ਇੰਨੇ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਅਜਿਹੀ ਘਟਨਾਵਾਂ ਨੂੰ ਮਾਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਰੇਲਵੇ ਦੇ ਮੂਲ ਢਾਂਚੇ ਦੇ ਵਿਕਾਸ ਅਤੇ ਰੱਖ-ਰਖਾਅ ਕਰਨ ਲਈ 13 ਲੱਖ ਕਰਮੀ ਕੰਮ ਕਰਦੇ ਹਨ ਪਰ ਵਿਰੋਧੀ ਧਿਰ ਦੇ ਸਮਰਥਨ ਨਾਲ ਕੁਝ ਸਮਾਜ ਵਿਰੋਧੀ ਅਨਸਰ ਦੇਸ਼ 'ਚ ਸਮੱਸਿਆਵਾਂ ਪੈਦਾ ਕਰਦੇ ਹਨ।
ਦੱਸਣਯੋਗ ਹੈ ਕਿ ਬੰਗਾਲ ਦੇ ਮੁਰਸ਼ਿਦਾਬਾਦ 'ਚ ਨਾਗਰਿਕਤਾ ਸੋਧ ਬਿਲ ਦਾ ਵਿਰੋਧ ਕਰ ਰਹੇ ਲੋਕਾਂ ਨੇ ਦੇ ਇੱਕ ਰੇਲਵੇ ਸਟੇਸ਼ਨ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਸੀ ਤੇ 5 ਖੜੀ ਰੇਲ ਗੱਡੀਆਂ ਨੂੰ ਵੀ ਅੱਗ ਲਗਾ ਦਿੱਤੀ ਸੀ। ਜਿਸ ਮਗਰੋਂ ਰੇਲ ਮੰਤਰੀ ਦਾ ਇਹ ਬਿਆਨ ਸਾਹਮਣੇ ਆਇਆ ਹੈ।