ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਪੀੜਤਾਂ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਜਾਰੀ ਹੈ। ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਸਾਢੇ 17 ਹਜ਼ਾਰ ਤੋਂ ਪਾਰ ਹੋ ਗਈ ਹੈ।
ਸਿਹਤ ਮੰਤਰਾਲੇ ਵੱਲੋਂ ਸੋਮਵਾਰ ਸ਼ਾਮ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 17,656 ਹੋ ਗਈ ਹੈ। ਇਨ੍ਹਾਂ ਵਿੱਚੋਂ 2842 ਲੋਕਾਂ ਦਾ ਸਫ਼ਲ ਇਲਾਜ ਕੀਤਾ ਗਿਆ ਹੈ ਤੇ 559 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰਾਲੇ ਮੁਤਾਬਕ ਬੀਤੇ 24 ਘੰਟੇ 'ਚ ਦੇਸ਼ 'ਚ ਕੋਰੋਨਾ ਵਾਇਰਸ ਦੇ 1553 ਨਵੇਂ ਮਾਮਲੇ ਸਾਹਮਣੇ ਆਏ ਹਨ। ਭਾਰਤ 'ਚ ਠੀਕ ਹੋਣ ਵਾਲੇ ਮਰੀਜ਼ਾਂ ਦਾ ਅੰਕੜਾ 14.19% ਹੈ।
ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਕੋਵਿਡ-19 ਪੌਜ਼ੀਟਿਵ ਦੇ ਲੱਛਣ ਵਾਲੇ ਲੋਕਾਂ ਦੇ ਕੋਰੋਨਾ ਪੌਜ਼ੀਟਿਵ ਹੋਣ ਦੀ ਗਿਣਤੀ ਬਹੁਤ ਜ਼ਿਆਦਾ ਨਹੀਂ ਹੈ। ਇਸ ਦੇ ਬਾਵਜੂਦ ਜਿਹੜੇ ਲੋਕ ਹਾਈ ਰਿਸਕ ਜ਼ੋਨ 'ਚ ਹਨ, ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਲਵ ਅਗਰਵਾਲ ਨੇ ਕਿਹਾ ਕਿ ਕੋਰੋਨਾ ਲਾਗ ਦੇ ਇਲਾਜ ਤੋਂ ਬਾਅਦ ਸਿਹਤਮੰਦ ਹੋਣ ਦੀ ਦਰ ਹੁਣ ਵੱਧ ਕੇ 14.19% ਹੋ ਗਈ ਹੈ।
ਆਈਸੀਐਮਆਰ ਮੁਤਾਬਕ ਹੁਣ ਤੱਕ 3,86,791 ਟੈਸਟ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਐਤਵਾਰ ਨੂੰ 38,173 ਟੈਸਟ ਕੀਤੇ ਗਏ ਸਨ ਅਤੇ ਇਨ੍ਹਾਂ 'ਚੋਂ 29,287 ਟੈਸਟ ਆਈਸੀਐਮਆਰ ਨੈਟਵਰਕ ਦੀ ਲੈਬ 'ਚ ਕੀਤੇ ਗਏ, ਜਦਕਿ ਪ੍ਰਾਈਵੇਟ ਲੈਬ 'ਚ 7886 ਟੈਸਟ ਕੀਤੇ ਗਏ।