ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦੇਸ਼ ਵਿੱਚ ਵੱਧ ਰਹੇ ਕੋਰੋਨਾ ਵਾਇਰਸ ਦੀ ਗਿਣਤੀ ਨੂੰ ਲੈ ਕੇ ਮੋਦੀ ਸਰਕਾਰ 'ਤੇ ਨਿਸ਼ਾਨੇ ਵਿਨ੍ਹੇ ਹਨ। ਵੀਰਵਾਰ ਨੂੰ ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 20 ਲੱਖ ਤੋਂ ਪਾਰ ਪਹੁੰਚ ਗਈ ਹੈ। ਇਸ ਨੂੰ ਲੈ ਕੇ ਰਾਹੁਲ ਗਾਂਧੀ ਨੇ ਟਵੀਟ ਕਰ ਮੋਦੀ ਸਰਕਾਰ 'ਤੇ ਤੰਜ ਕਸਿਆ ਹੈ।
ਕਾਂਗਰਸ ਆਗੂ ਨੇ ਲਿਖਿਆ, '20 ਲੱਖ ਦਾ ਅੰਕੜਾ ਪਾਰ, ਗਾਇਬ ਹੈ ਮੋਦੀ ਸਰਕਾਰ' ਇਸ ਟਵੀਟ ਦੇ ਨਾਲ ਰਾਹੁਲ ਗਾਂਧੀ ਨੇ ਆਪਣਾ ਪੁਰਾਣਾ ਟਵੀਟ ਵੀ ਸਾਂਝਾ ਕੀਤਾ ਜੋ ਉਨ੍ਹਾਂ ਨੇ 17 ਜੁਲਾਈ ਨੂੰ ਕੀਤਾ ਜਦੋਂ ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 10 ਲੱਖ ਪਾਰ ਕਰ ਗਈ ਸੀ।
17 ਜੁਲਾਈ ਨੂੰ ਆਪਣੇ ਟਵੀਟ ਵਿੱਚ ਰਾਹੁਲ ਗਾਂਧੀ ਨੇ ਕਿਹਾ ਸੀ ਕਿ 10 ਅਗਸਤ ਤੱਕ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 20 ਲੱਖ ਤੱਕ ਪਹੁੰਚ ਜਾਵੇਗੀ ਅਤੇ ਕਿਹਾ ਸੀ, "ਸਰਕਾਰ ਨੂੰ ਇਸ ਮਹਾਂਮਾਰੀ ਨੂੰ ਰੋਕਣ ਲਈ ਠੋਸ ਅਤੇ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।"
ਦੱਸ ਦਈਏ ਕਿ ਦੇਸ਼ ਵਿੱਚ ਕੋਰੋਨਾ ਪੌਜ਼ੀਟਿਵ ਲੋਕਾਂ ਦੀ ਗਿਣਤੀ 20 ਲੱਖ ਨੂੰ ਪਾਰ ਕਰ ਗਈ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਕੋਰੋਨਾ ਨਾਲ ਠੀਕ ਹੋਏ ਮਰੀਜ਼ਾਂ ਦੀ ਗਿਣਤੀ 13,28,336 ਹੋ ਗਈ ਹੈ। ਇਸ ਨਾਲ ਰਿਕਵਰੀ ਰੇਟ 67.62 ਫੀਸਦੀ ਹੋ ਗਿਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 1.40 ਲੱਖ ਨੂੰ ਪਾਰ ਕਰ ਗਈ ਹੈ।