ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਚਲਾਈ ਗਈ ਤਾਲਾਬੰਦੀ ਦੇ ਦੌਰਾਨ ਗਰੀਬਾਂ ਨੂੰ ਰਾਹਤ ਪ੍ਰਦਾਨ ਕਰਨ ਦੀ ਯੋਜਨਾ ਤਹਿਤ ਹੁਣ ਤੱਕ 30 ਕਰੋੜ ਤੋਂ ਵੱਧ ਲੋਕਾਂ ਨੂੰ 28,256 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। ਵਿੱਤ ਮੰਤਰਾਲੇ ਨੇ ਸ਼ਨੀਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ।
ਵਿੱਤ ਮੰਤਰਾਲੇ ਨੇ ਟਵਿੱਟਰ 'ਤੇ ਦੱਸਿਆ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ(ਪੀ.ਐੱਮ.ਜੀ.ਕੇ.ਵਾਈ.) ਦੇ ਤਹਿਤ 30 ਕਰੋੜ ਤੋਂ ਵੱਧ ਗ਼ਰੀਬ ਲੋਕਾਂ ਨੂੰ 28,256 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸ ਯੋਜਨਾ ਦਾ ਐਲਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪਿਛਲੇ ਮਹੀਨੇ ਕੀਤਾ ਸੀ ਅਤੇ ਇਹ ਸਰਕਾਰ ਵੱਲੋਂ 1.70 ਲੱਖ ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਹਿੱਸਾ ਹੈ।
ਮੰਤਰਾਲੇ ਨੇ ਕਿਹਾ ਕਿ ਇਸ ਦੇ ਤਹਿਤ ਪ੍ਰਧਾਨ ਮੰਤਰੀ-ਕਿਸਾਨ ਦੀ ਪਹਿਲੀ ਕਿਸ਼ਤ ਵਜੋਂ 13,855 ਕਰੋੜ ਰੁਪਏ ਦਿੱਤੇ ਗਏ ਹਨ। ਇਸ ਯੋਜਨਾ ਤਹਿਤ 8 ਕਰੋੜ ਲਾਭਪਾਤਰੀਆਂ ਵਿੱਚੋਂ ਤਕਰੀਬਨ 6.93 ਕਰੋੜ ਲੋਕਾਂ ਦੇ ਖਾਤੇ ਵਿੱਚ 2-2 ਹਜ਼ਾਰ ਰੁਪਏ ਪ੍ਰਾਪਤ ਹੋਏ ਹਨ। ਇਨ੍ਹਾਂ ਤੋਂ ਇਲਾਵਾ 19.86 ਕਰੋੜ ਔਰਤ ਜਨ-ਧਨ ਖਾਤਾ ਧਾਰਕਾਂ ਨੂੰ 500-500 ਰੁਪਏ ਪ੍ਰਾਪਤ ਹੋਏ ਹਨ। ਉਨ੍ਹਾਂ ਨੂੰ ਕੁੱਲ 9930 ਕਰੋੜ ਰੁਪਏ ਦਿੱਤੇ ਗਏ ਹਨ।
ਰਾਸ਼ਟਰੀ ਸਮਾਜਿਕ ਸਹਾਇਤਾ ਪ੍ਰੋਗਰਾਮ ਤਹਿਤ ਲਗਭਗ 1,400 ਕਰੋੜ ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਤਕਰੀਬਨ 2.82 ਕਰੋੜ ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜ ਲੋਕਾਂ ਨੂੰ ਇਹ ਲਾਭ ਮਿਲਿਆ ਹੈ। ਉਨ੍ਹਾਂ ਨੂੰ ਇੱਕ-ਇੱਕ ਹਜ਼ਾਰ ਰੁਪਏ ਦੀ ਸਹਾਇਤਾ ਮਿਲੀ ਹੈ। ਨਿਰਮਾਣ ਕਾਰਜ ਵਿਚ ਲੱਗੇ 2.16 ਕਰੋੜ ਮਜ਼ਦੂਰਾਂ ਨੂੰ ਵੀ 3,066 ਕਰੋੜ ਰੁਪਏ ਦੀ ਕੁੱਲ ਸਹਾਇਤਾ ਦਿੱਤੀ ਗਈ ਹੈ।
ਮੰਤਰਾਲੇ ਨੇ ਇਕ ਹੋਰ ਟਵੀਟ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੇ ਤਹਿਤ 80 ਕਰੋੜ ਲੋਕਾਂ ਨੂੰ ਹਰ ਮਹੀਨੇ 5 ਕਿੱਲੋ ਅਨਾਜ ਮੁਫ਼ਤ ਦਿੱਤਾ ਜਾ ਰਿਹਾ ਹੈ। 2 ਕਰੋੜ ਲੋਕਾਂ ਨੂੰ ਪਹਿਲਾਂ ਹੀ ਇਹ ਲਾਭ ਮਿਲ ਚੁੱਕਿਆ ਹੈ।