ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਨੇ ਐਲਾਨ ਕੀਤਾ ਹੈ ਕਿ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ। ਇਸ ਵਿੱਚ ਮਰੀਜ਼ਾਂ ਦੀ ਦੇਖਭਾਲ ਕਰਨ ਵਾਲੇ ਲੋਕ ਵੀ ਸ਼ਾਮਲ ਹਨ।
ਇਹ ਵੀ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਆਫਤ ਐਲਾਨਣ ਦਾ ਫੈਸਲਾ ਲਿਆ ਹੈ ਤਾਂ ਜੋ ਸਾਰੀਆਂ ਰਾਜ ਸਰਕਾਰਾਂ ਵਾਇਰਸ ਨਾਲ ਲੜਨ ਲਈ ਰਾਜ ਆਫਤ ਪ੍ਰਤਿਕਿਰਿਆ ਫੰਡ ਦੀ ਵਰਤੋਂ ਕਰ ਸਕਣ।
ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਦਿੱਲੀ, ਹਰਿਆਣਾ, ਕਰਨਾਟਕ, ਮਹਾਰਾਸ਼ਟਰ, ਕੇਰਲ, ਉੱਤਰ ਪ੍ਰਦੇਸ਼, ਪੰਜਾਬ ਸਣੇ ਘੱਟੋ-ਘੱਟ 13 ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਸਿਹਤ ਵਿਭਾਗ ਨੇ ਇਸ ਨੂੰ ਸਿਹਤ ਐਮਰਜੈਂਸੀ ਐਲਾਨ ਦਿੱਤਾ ਹੈ।
ਸਰਕਾਰ ਨੇ ਕਿਹਾ ਹੈ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਮੰਤਰਾਲੇ ਦੁਆਰਾ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਭਾਰਤ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 83 ਹੋ ਗਈ ਹੈ ਜਿਨ੍ਹਾਂ ਵਿੱਚੋਂ ਦਿੱਲੀ ਅਤੇ ਕਰਨਾਟਕ ਤੋਂ 2 ਲੋਕਾਂ ਦੀ ਮੌਤ ਵੀ ਹੋ ਗਈ ਹੈ।