ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਨਿਰਭਯਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ ਵਿੱਚ ਹੇਠਲੀ ਅਦਾਲਤ ਵੱਲੋਂ ਜਾਰੀ ਕੀਤੇ ਮੌਤ ਦੇ ਵਾਰੰਟ ’ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਪਟੀਸ਼ਨਕਰਤਾ ਮੁਕੇਸ਼ ਨੂੰ ਹੇਠਲੀ ਅਦਾਲਤ ਵਿੱਚ ਜਾਣ ਅਤੇ ਉਸਨੂੰ ਦੱਸਣ ਲਈ ਨਿਰਦੇਸ਼ ਦਿੱਤਾ ਕਿ ਉਸ ਦੀ ਰਹਿਮ ਦੀ ਅਪੀਲ ਪੈਂਡਿੰਗ ਹੈ
ਦਿੱਲੀ ਸਰਕਾਰ ਨੇ ਬੁੱਧਵਾਰ ਨੂੰ ਹਾਈ ਕੋਰਟ ਨੂੰ ਦੱਸਿਆ ਸੀ ਕਿ ਸਾਲ 2012 ਦੇ ਨਿਰਭਯਾ ਸਮੂਹਿਕ ਜਬਰ ਜਨਾਹ ਅਤੇ ਕਤਲ ਕਾਂਡ ਦੇ ਇੱਕ ਦੋਸ਼ੀ ਨੇ ਰਹਿਮ ਦੀ ਅਪੀਲ ਦਾਇਰ ਕੀਤੀ ਹੈ। ਇਸ ਲਈ ਦੋਸ਼ੀਆਂ ਨੂੰ 22 ਜਨਵਰੀ ਨੂੰ ਫਾਂਸੀ ਨਹੀਂ ਦਿੱਤੀ ਜਾ ਸਕਦੀ।
ਚਾਰ ਦੋਸ਼ੀਆਂ ਵਿਨੈ ਸ਼ਰਮਾ, ਮੁਕੇਸ਼ , ਅਕਸ਼ੈ ਕੁਮਾਰ ਸਿੰਘ ਅਤੇ ਪਵਨ ਗੁਪਤਾ ਨੂੰ 22 ਜਨਵਰੀ ਨੂੰ ਸਵੇਰੇ ਸੱਤ ਵਜੇ ਤਿਹਾੜ ਜੇਲ੍ਹ ਵਿਚ ਫਾਂਸੀ ਦਿੱਤੀ ਜਾਣੀ ਹੈ। 7 ਜਨਵਰੀ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਉਸ ਦੀ ਮੌਤ ਦੀ ਸਜ਼ਾ ਨੂੰ ਲਾਗੂ ਕਰਨ ਲਈ ਵਾਰੰਟ ਜਾਰੀ ਕੀਤਾ ਸੀ। ਮੌਤ ਦੀ ਸਜ਼ਾ ਨੂੰ ਲਾਗੂ ਕਰਨ ਲਈ ਜਾਰੀ ਕੀਤੇ ਗਏ ਵਾਰੰਟ ਨੂੰ ਚੁਣੌਤੀ ਦੇਣ ਵਾਲੇ ਮੁਕੇਸ਼ ਦੀ ਅਪੀਲ 'ਤੇ ਦਿੱਲੀ ਸਰਕਾਰ ਅਤੇ ਕੇਂਦਰ ਨੇ ਜਸਟਿਸ ਮਨਮੋਹਨ ਅਤੇ ਜਸਟਿਸ ਸੰਗੀਤਾ ਢੀਂਗਰਾ ਸਹਿਗਲ ਨੂੰ ਦੱਸਿਆ ਕਿ ਇਹ ਸਮੇਂ ਤੋਂ ਪਹਿਲਾਂ ਪਟੀਸ਼ਨ ਹੈ।