ਨਵੀਂ ਦਿੱਲੀ: ਕੇਂਦਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਬੁੱਧਵਾਰ ਨੂੰ ਜਾਣਕਾਰੀ ਦਿੱਤੀ ਕਿ 25 ਮਈ ਤੋਂ ਘਰੇਲੂ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ। ਇਸ ਸਬੰਧੀ ਸਾਰੇ ਹਵਾਈ ਅੱਡਿਆਂ ਨੂੰ ਤਿਆਰੀਆਂ ਕਰਨ ਲਈ ਕਿਹਾ ਗਿਆ ਹੈ।
ਪੁਰੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਸੋਮਵਾਰ 25 ਮਈ 2020 ਤੋਂ ਘਰੇਲੂ ਜਹਾਜ਼ਾਂ ਦੀ ਆਵਾਜਾਈ ਸ਼ੁਰੂ ਹੋਵੇਗੀ। ਸਾਰੇ ਹਵਾਈ ਅੱਡਿਆਂ ਅਤੇ ਜਹਾਜ਼ ਕੰਪਨੀਆਂ ਨੂੰ 25 ਮਈ ਤੋਂ ਉਡਾਣ ਸੇਵਾ ਸ਼ੁਰੂ ਕਰਨ ਦੀ ਸੂਚਨਾ ਦਿੱਤੀ ਜਾ ਰਹੀ ਹੈ।
ਕੇਂਦਰੀ ਮੰਤਰੀ ਨੇ ਦੱਸਿਆ ਕਿ ਯਾਤਰੀਆਂ ਦੀ ਆਵਾਜਾਈ ਲਈ ਮੰਤਰਾਲਾ ਐਸਓਪੀ ਵੀ ਵੱਖ ਤੋਂ ਜਾਰੀ ਕਰ ਰਿਹਾ ਹੈ। ਸੋਮਵਾਰ ਤੋਂ ਸ਼ੁਰੂ ਹੋਣ ਵਾਲੀਆਂ ਇਨ੍ਹਾਂ ਉਡਾਣਾਂ ਲਈ ਟਿਕਟਾਂ ਦੀ ਬੁਕਿੰਗ ਜਲਦ ਹੀ ਸ਼ੁਰੂ ਹੋਵੇਗੀ।
ਇਸ ਤੋਂ ਪਹਿਲਾਂ ਨਾਗਰਿਕ ਹਵਾਬਾਜ਼ੀ ਮੰਤਰੀ ਨੇ ਮੰਗਲਵਾਰ ਨੂੰ ਇੱਕ ਟਵੀਟ 'ਚ ਕਿਹਾ ਸੀ ਕਿ ਹਵਾਈ ਸੇਵਾਵਾਂ ਸ਼ੁਰੂ ਕਰਨ ਦੀ ਜ਼ਿੰਮੇਵਾਰੀ ਕੇਂਦਰ ਦੇ ਨਾਲ-ਨਾਲ ਸੂਬਿਆਂ ਦੀ ਵੀ ਹੈ। ਉਨ੍ਹਾਂ ਨੂੰ ਵੀ ਇਸ ਲਈ ਤਿਆਰ ਰਹਿਣਾ ਪਵੇਗਾ। ਦੱਸਣਯੋਗ ਹੈ ਕਿ 25 ਮਾਰਚ ਤੋਂ ਦੇਸ਼ 'ਚ ਜਾਰੀ ਲੌਕਡਾਊਨ ਮਗਰੋਂ ਉਡਾਣਾਂ 'ਤੇ ਪਾਬੰਦੀ ਲੱਗੀ ਹੋਈ ਹੈ।