ਨਵੀਂ ਦਿੱਲੀ : ਮੁੱਖ ਚੋਣ ਕਮਿਸ਼ਨ ਵੱਲੋਂ ਪ੍ਰਧਾਨ ਮੰਤਰੀ ਨੂੰ ਚੋਣ ਪ੍ਰਚਾਰ ਦੇ ਭਾਸ਼ਣ ਦੌਰਾਨ ਪ੍ਰਮਾਣੂ ਬੰਬ ਨੂੰ ਲੈ ਕੇ ਦਿੱਤੇ ਗਏ ਬਿਆਨ ਉੱਤੇ ਕਲੀਨ ਚਿੱਟ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨੇ ਚੋਣ ਪ੍ਰਚਾਰ ਦੇ ਭਾਸ਼ਣ ਦੌਰਾਨ ਇਹ ਬਿਆਨ ਦਿੱਤਾ ਸੀ ਕਿ ਸਾਡੇ ਪ੍ਰਮਾਣੂ ਬੰਬ ਦਿਵਾਲੀ ਲਈ ਨਹੀਂ ਹਨ।
ਮੁੱਖ ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਲੀਨ ਚਿੱਟ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਰਾਜਸਥਾਨ ਦੇ ਬਾੜਮੇਰ ਵਿਖੇ ਚੋਣ ਭਾਸ਼ਣ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਕੀਤੀ ਹੈ। ਇਸ ਲਈ ਚੋਣ ਕਮਿਸ਼ਨ ਵੱਲੋਂ ਪੂਰੀ ਤਰ੍ਹਾਂ ਨਾਲ ਜਾਂਚ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਕਲੀਨ ਚਿੱਟ ਦਿੱਤੀ ਗਈ। ਚੋਣ ਰੈਲੀਆਂ ਦੌਰਾਨ ਭਾਸ਼ਣ ਨਾਲ ਸਬੰਧਤ ਪ੍ਰਧਾਨ ਮੰਤਰੀ ਨੂੰ ਤੀਜੀ ਵਾਰ ਕਲੀਨ ਚਿੱਟ ਦਿੱਤੀ ਗਈ ਹੈ।
ਚੋਣ ਕਮਿਸ਼ਨ ਦੱਸਿਆ ਕਿ ਜਨਰੈਲੀ ਦੌਰਾਨ ਦਿੱਤੇ ਗਏ ਇਸ ਬਿਆਨ ਨੂੰ ਲੈ ਕੇ ਬਾੜਮੇਰ ਦੇ ਸਾਂਸਦੀ ਖ਼ੇਤਰ ਦੇ ਚੋਣ ਅਧਿਕਾਰੀ ਨੇ 10 ਪੰਨਿਆਂ ਦਾ ਸ਼ਿਕਾਇਤ ਪੱਤਰ ਭੇਜ ਕੇ ਪ੍ਰਧਾਨ ਮੰਤਰੀ ਵਿਰੁੱਧ ਚੋਣ ਜ਼ਾਬਤੇ ਦੀ ਉਲੰਘਣਾ ਕੀਤੇ ਜਾਣ ਦੀ ਸ਼ਿਕਾਇਤ ਦਿੱਤੀ ਸੀ। ਚੋਣ ਕਮਿਸ਼ਨ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਵੀ ਇੱਕ ਮਾਮਲੇ ਵਿੱਚ ਕਲੀਨ ਚਿੱਟ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨੇ 21 ਅਪ੍ਰੈਲ ਨੂੰ ਰਾਜਸਥਾਨ ਦੇ ਬਾੜਮੇਰ ਵਿਖੇ ਚੋਣ ਰੈਲੀ ਨੂੰ ਸੰਬੋਧਤ ਕਰਦੇ ਹੋਏ ਸੁਰੱਖਿਆ ਬਲਾਂ ਬਾਰੇ ਗੱਲ ਕਰਦੇ ਹੋਏ ਕਿਹਾ ਸੀ ਕਿ ਭਾਰਤ ਪਾਕਿਸਤਾਨ ਦੀ ਪ੍ਰਮਾਣੂ ਤਾਕਤਾਂ ਤੋਂ ਨਹੀਂ ਡਰਦਾ, ਭਾਰਤ ਨੇ ਪਾਕਿਸਤਾਨ ਦੀਆਂ ਧਮਕਿਆਂ ਤੋਂ ਡਰਨਾ ਬੰਦ ਕਰ ਦਿੱਤਾ ਹੈ। ਪਾਕਿਸਤਾਨ ਹਰ ਦੂਜੇ ਦਿਨ ਕਹਿੰਦਾ ਹੈ ਕਿ ਉਨ੍ਹਾਂ ਕੋਲ ਪ੍ਰਮਾਣੂ ਹਥਿਆਰ ਹਨ। ਉਨ੍ਹਾਂ ਕਿਹਾ ਕਿ ਭਾਰਤ ਕੋਲ ਵੀ ਪ੍ਰਮਾਣੂ ਹਥਿਆਰ ਹਨ ਅਤੇ ਭਾਰਤ ਦੇ ਪ੍ਰਮਾਣੂ ਬੰਬ ਅਤੇ ਹਥਿਆਰ ਹਨ। ਇਹ ਪ੍ਰਮਾਣੂ ਬੰਬ ਦੀਵਾਲੀ ਵਿੱਚ ਇਸਤੇਮਾਲ ਕਰਨ ਲਈ ਨਹੀਂ ਰੱਖੇ ਗਏ ਹਨ।