ਲਖਨਊ: ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸ਼ੁੱਕਰਵਾਰ ਨੂੰ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉੱਤਰ ਪ੍ਰਦੇਸ਼ ਦੀਆਂ ਸਰਹੱਦਾਂ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਜਾਵੇ ਤਾਂ ਜੋ ਕੋਈ ਵੀ ਕੋਰੋਨਾ ਪੌਜ਼ੀਟਿਵ ਵਿਅਕਤੀ ਸੂਬੇ ਵਿੱਚ ਦਾਖ਼ਲ ਨਾ ਹੋ ਸਕੇ। ਯੋਗੀ ਨੇ ਇੱਕ ਸਮੀਖਿਆ ਬੈਠਕ ਵਿੱਚ ਇਹ ਨਿਰਦੇਸ਼ ਦਿੱਤੇ।
ਯੋਗੀ ਨੇ ਕਿਹਾ,"ਇਹ ਸੁਨਿਸ਼ਚਿਤ ਕੀਤਾ ਜਾਣਾ ਚਾਹੀਦਾ ਹੈ ਕਿ ਰਾਜ ਦੀਆਂ ਸਰਹੱਦਾਂ ਪੂਰੀ ਤਰ੍ਹਾਂ ਬੰਦ ਰਹਿਣ। ਸਰਹੱਦੀ ਇਲਾਕਿਆਂ ਵਿੱਚ ਚੌਕਸੀ ਹੋਣੀ ਚਾਹੀਦੀ ਹੈ। ਕਿਸੇ ਨੂੰ ਇਜਾਜ਼ਤ ਤੋਂ ਬਿਨਾਂ ਰਾਜ ਵਿੱਚ ਦਾਖ਼ਲ ਨਹੀਂ ਹੋਣ ਦੇਣਾ ਚਾਹੀਦਾ ਕਿਉਂਕਿ ਸੰਭਾਵਨਾ ਹੈ ਕਿ ਉਹ ਵਿਅਕਤੀ ਕੋਰੋਨਾ ਵਾਇਰਸ ਕੈਰੀਅਰ ਹੋ ਸਕਦਾ ਹੈ।"
ਇਸ ਤੋਂ ਇਲਾਵਾ ਬੈਠਕ ਦੌਰਾਨ ਯੋਗੀ ਨੇ ਕਿਹਾ ਕਿ ਰਾਜ ਸਰਕਾਰ ਮਜ਼ਦੂਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੇ ਹਿੱਤ ਲਈ ਸਰਕਾਰ ਨੇ ਕਈ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੂਜੇ ਰਾਜਾਂ ਵਿੱਚ ਫ਼ਸੇ ਮਜ਼ਦੂਰਾਂ ਦੀ ਪੜਾਅਵਾਰ ਢੰਗ ਨਾਲ ਵਾਪਸੀ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕ ਰਹੀ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਦਿੱਲੀ ਤੋਂ 4 ਲੱਖ ਪਰਵਾਸੀ ਮਜ਼ਦੂਰ ਅਤੇ ਹਰਿਆਣਾ ਤੋਂ 12 ਹਜ਼ਾਰ ਪ੍ਰਵਾਸੀ ਸੁਰੱਖਿਅਤ ਤਰੀਕੇ ਨਾਲ ਰਾਜ ਵਾਪਸ ਪਰਤ ਆਏ ਹਨ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਰਾਜ ਆਉਣ ਵਾਲੇ ਵਿਅਕਤੀਆਂ ਦੀ ਸਿਹਤ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਨੂੰ 14 ਦਿਨਾਂ ਲਈ ਰਾਸ਼ਨ ਕਿੱਟ ਸਣੇ ਘਰ ਭੇਜਿਆ ਜਾਵੇ।