ਦਿੱਲੀ: ਕੇਂਦਰ ਵੱਲੋਂ ਲਾਗੂ ਕੀਤੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਸਾਰੇ ਪ੍ਰਦਰਸ਼ਨ ਸਥਾਨਾਂ 'ਤੇ ਇੱਕ ਰੋਜ਼ਾ ਭੁੱਖ ਹੜਤਾਲ ਕਰਨਗੇ। ਨਾਲ ਹੀ ਹਰਿਆਣਾ ਵਿੱਚ ਸਾਰੇ ਰਾਜ ਮਾਰਗਾਂ 'ਤੇ ਟੌਲ ਪਲਾਜਿਆਂ 'ਤੇ ਵਸੂਲੀ ਨਹੀਂ ਕਰਨ ਦਿੱਤੀ ਜਾਵੇਗੀ।
ਦਿੱਲੀ ਦੀਆਂ ਵੱਖ ਵੱਖ ਸਰਹੱਦਾਂ 'ਤੇ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਚਾਰ ਹਫ਼ਤਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਸਵਰਾਜ ਇੰਡੀਆ ਦੇ ਮੁਖੀ ਯੋਗੇਂਦਰ ਯਾਦਵ ਨੇ ਸਿੰਘੂ ਸਰਹੱਦ 'ਤੇ ਪੱਤਰਕਾਰ ਵਾਰਤਾ ਦੌਰਾਨ ਕਿਹਾ ਕਿ ਸੋਮਵਾਰ ਨੂੰ ਸਾਰੇ ਪ੍ਰਦਰਸ਼ਨ ਸਥਾਨਾਂ 'ਤੇ ਕਿਸਾਨ ਇੱਕ ਰੋਜ਼ਾ ਭੁੱਖ ਹੜਤਾਲ ਕਰਨਗੇ।
ਉਨ੍ਹਾਂ ਨੇ ਦੇਸ਼ ਭਰ ਵਿੱਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਲੋਕਾਂ ਨੂੰ ਪ੍ਰਦਰਸ਼ਨ ਵਾਲੇ ਸਥਾਨਾਂ 'ਤੇ ਇੱਕ ਦਿਨ ਦੀ ਭੁੱਖ ਹੜਤਾਲ ਕਰਨ ਦਾ ਸੱਦਾ ਦਿੱਤਾ ਹੈ। ਇਸ ਦੀ ਸ਼ੁਰੂਆਤ ਇਥੇ ਪ੍ਰਦਰਸ਼ਨ ਵਾਲੀ ਤੋਂ 11 ਮੈਂਬਰਾਂ ਦਾ ਇੱਕ ਸਮੂਹ ਕਰੇਗਾ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨ 25 ਤੋਂ 27 ਦਸੰਬਰ ਤੱਕ ਹਰਿਆਣਾ ਵਿੱਚ ਸਾਰੇ ਰਾਜ ਮਾਰਗਾਂ 'ਤੇ ਟੌਲ ਪਲਾਜਿਆਂ 'ਤੇ ਵਸੂਲੀ ਨਹੀਂ ਹੋਣ ਦੇਣਗੇ।
ਪੱਤਰਕਾਰ ਵਾਰਤਾ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਮੌਜੂਦ ਸਨ। ਟਿਕੈਤ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ 23 ਦਸੰਬਰ ਨੂੰ ਕਿਸਾਨ ਦਿਵਸ ਮਨਾਉਣਗੇ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਇਸ ਦਿਨ ਉਹ ਦੁਪਹਿਰ ਦਾ ਭੋਜਨ ਨਾ ਬਣਾਉਣ।