ਸ੍ਰੀਨਗਰ: ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਰਾਜ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਮੁਖੀ ਡਾ. ਫ਼ਾਰੂਕ ਅਬਦੁੱਲਾ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਅਬਦੁੱਲਾ ਦੀ ਨਜ਼ਰਬੰਦੀ ਨੂੰ ਵੀ ਰੱਦ ਕਰ ਦਿੱਤਾ ਹੈ। ਜੰਮੂ-ਕਸ਼ਮੀਰ ਪ੍ਰਸ਼ਾਸਨ ਦੁਆਰਾ ਪੀਐਸਏ ਹਟਾਏ ਜਾਣ ਤੋਂ ਬਾਅਦ ਫ਼ਾਰੂਕ ਅਬਦੁੱਲਾ ਨੇ ਕਿਹਾ, 'ਹੁਣ ਮੈਂ ਸੁਤੰਤਰ ਹਾਂ।'
ਜੰਮੂ ਕਸ਼ਮੀਰ ਦੇ ਮੁੱਖ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੱਤੀ।
ਦੱਸ ਦਈਏ ਕਿ ਉਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਇਸ ਤੋਂ ਬਾਅਦ 15 ਸਤੰਬਰ 2019 ਨੂੰ ਉਨ੍ਹਾਂ ਨੂੰ ਪਬਲਿਕ ਸੇਫਟੀ ਐਕਟ (ਪੀਐਸਏ) ਦੇ ਤਹਿਤ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਸੀ।
3 ਵਾਰ ਦੇ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਤੋਂ ਇਲਾਵਾ ਕਈ ਹੋਰ ਆਗੂਆਂ ਨੂੰ ਵੀ ਇਸ ਕਾਨੂੰਨ ਤਹਿਤ ਘਰੇਲੂ ਨਜ਼ਰਬੰਦ ਕੀਤਾ ਗਿਆ ਸੀ। ਇਨ੍ਹਾਂ ਵਿੱਚ ਫ਼ਾਰੂਕ ਦਾ ਬੇਟਾ ਉਮਰ ਅਬਦੁੱਲਾ ਅਤੇ ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ: ਕੋਰੋਨਾਵਾਇਰਸ ਦੇ ਖ਼ਤਰੇ ਕਾਰਨ ਆਈਪੀਐਲ 15 ਅਪ੍ਰੈਲ ਤੱਕ ਮੁਲਤਵੀ
ਇਸ ਤੋਂ ਪਹਿਲਾਂ ਫ਼ਾਰੂਕ ਅਬਦੁੱਲਾ ਨੇ ਕਾਂਗਰਸੀ ਆਗੂ ਸ਼ਸ਼ੀ ਥਰੂਰ ਨੂੰ ਇੱਕ ਪੱਤਰ ਲਿਖਿਆ ਸੀ ਜਿਸ ਵਿੱਚ ਉਨ੍ਹਾਂ ਨੇ ਨਜ਼ਰਬੰਦੀ ‘ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਕਿਹਾ ਸੀ ਕਿ ਉਹ ਕੋਈ ਅਪਰਾਧੀ ਨਹੀਂ ਹੈ।
ਘਰ ਵਿੱਚ ਹੀ ਨਜ਼ਰਬੰਦ ਹੋਣ ਕਰਕੇ ਫ਼ਾਰੂਕ ਅਬਦੁੱਲਾ ਸੰਸਦ ਦੇ 2 ਸੈਸ਼ਨਾਂ ਵਿੱਚ ਸ਼ਾਮਲ ਨਹੀਂ ਹੋ ਸਕੇ ਜਿਸ ਕਰਕੇ ਵਿਰੋਧੀ ਪਾਰਟੀਆਂ ਦੇ ਕਈ ਆਗੂਆਂ ਨੇ ਮੰਗ ਕੀਤੀ ਕਿ ਸ੍ਰੀਨਗਰ ਤੋਂ ਸਾਂਸਦ ਫ਼ਾਰੂਖ਼ ਅਬਦੁੱਲਾ ਨੂੰ ਸੰਸਦ ਵਿੱਚ ਹਾਜ਼ਰ ਹੋਣ ਦਿੱਤਾ ਜਾਵੇ।