ਨਵੀਂ ਦਿੱਲੀ: ਅਮਰੀਕਾ ਦੇ ਹਵਾਈ ਹਮਲੇ ਵਿਚ ਇਰਾਨੀ ਕਮਾਂਡਰ ਕਾਸਿਮ ਸੁਲੇਮਾਨੀ ਦੀ ਹੋਈ ਮੌਤ ਤੋਂ ਬਾਅਦ ਪੱਛਮੀ ਏਸ਼ੀਆ ਵਿਚ ਤਣਾਅ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਬੀਤੀ ਰਾਤ ਇਰਾਨ ਨੇ ਇਰਾਕ ਵਿੱਚ ਅਮਰੀਕੀ ਫੌਜ ਵੱਲੋਂ ਇਸਤੇਮਾਲ ਕੀਤੇ ਜਾ ਰਹੇ ਦੋ ਏਅਰਬੇਸ 'ਤੇ ਕਰੀਬ ਦਰਜਨ ਭਰ ਮਿਜ਼ਾਈਲਾਂ ਦਾਗ ਦਿੱਤੀਆਂ ਹਨ। ਇਨ੍ਹਾਂ ਹਾਲਾਤਾਂ ਨੂੰ ਦੇਖਦੇ ਹੋਏ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਭਾਰਤੀ ਨਾਗਰਿਕਾਂ ਨੂੰ ਇਰਾਕ ਦੀ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ।
ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਕੀਤਾ ਕਿ ਇਰਾਕ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਰਾਕ ਦੀ ਹਰ ਗੈਰ-ਜ਼ਰੂਰੀ ਯਾਤਰਾ ਤੋਂ ਪਰਹੇਜ਼ ਕਰਨ ਅਤੇ ਨਾਲ ਉਨ੍ਹਾਂ ਨੇ ਇਰਾਕ ਵਿੱਚ ਰਹਿੰਦੇ ਭਾਰਤੀ ਨਾਗਰਿਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਹੋਰ ਟਵੀਟ ਵਿੱਚ ਲਿਖਿਆ, ਬਗਦਾਦ ਵਿੱਚ ਸਾਡਾ ਦੂਤਘਰ ਅਤੇ ਅਰਬਿਲ ਵਿੱਚ ਕੌਂਸਲੇਟ ਇਰਾਕ ਵਿੱਚ ਰਹਿਣ ਵਾਲੇ ਭਾਰਤੀਆਂ ਨੂੰ ਸਾਰੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਆਮ ਤੌਰ 'ਤੇ ਕੰਮ ਕਰਦਾ ਰਹੇਗਾ।