ਨਵੀਂ ਦਿੱਲੀ: ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਅੱਜ 84 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਇਸ ਦੀ ਜਾਣਕਾਰੀ ਉਨ੍ਹਾਂ ਦੇ ਬੇਟੇ ਅਭਿਜੀਤ ਮੁਖਰਜੀ ਨੇ ਟਵੀਟ ਕਰ ਦਿੱਤੀ।
ਭਾਰਤ ਰਤਨ ਨਾਲ ਸਨਮਾਨਿਤ ਮੁਖਰਜੀ ਨੂੰ ਬੀਤੀ 10 ਅਗਸਤ ਨੂੰ ਗੰਭੀਰ ਹਾਲਤ ਵਿੱਚ ਦਿੱਲੀ ਕੈਂਟ ਸਥਿਤ ਆਰਮੀ ਦੇ ਆਰ ਐਂਡ ਆਰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਇੱਥੇ ਉਨ੍ਹਾਂ ਦੇ ਦਿਮਾਗ ਦੀ ਸਰਜਰੀ ਹੋਈ ਸੀ।
ਇਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿੱਚ ਕੋਈ ਸੁਧਾਰ ਨਜ਼ਰ ਨਹੀਂ ਆਇਆ ਸੀ ਅਤੇ ਉਨ੍ਹਾਂ ਦੀ ਹਾਲਤ ਲਗਾਤਾਰ ਨਾਜ਼ੁਕ ਬਣੀ ਹੋਈ ਸੀ। ਸਾਬਕਾ ਰਾਸ਼ਟਰਪਤੀ ਕੋਰੋਨਾ ਸੰਕਰਮਿਤ ਵੀ ਪਾਏ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ।
ਕੋਰੋਨਾ ਦੀ ਪੁਸ਼ਟੀ ਹੋਣ ਤੋਂ ਬਾਅਦ ਮੁਖਰਜੀ ਨੇ ਟਵੀਟ ਕੀਤਾ ਸੀ ਕਿ ਉਨ੍ਹਾਂ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੀ ਪੁਸ਼ਟੀ ਕੀਤੀ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਬੇਨਤੀ ਕੀਤੀ ਸੀ ਕਿ ਉਹ ਕੁਆਰੰਟੀਨ ਹੋ ਜਾਣ ਅਤੇ ਕੋਰੋਨਾ ਜਾਂਚ ਕਰਵਾਉਣ।
ਪ੍ਰਣਬ ਮੁਖਰਜੀ 2012 ਤੋਂ 2017 ਤੱਕ ਦੇਸ਼ ਦੇ ਰਾਸ਼ਟਰਪਤੀ ਰਹੇ ਸਨ। 2019 ਵਿੱਚ, ਉਨ੍ਹਾਂ ਨੂੰ ਦੇਸ਼ ਦੇ ਸਰਵਉੱਚ ਪੁਰਸਕਾਰ ਭਾਰਤ ਰਤਨ ਨਾਲ ਸਨਮਾਨਤ ਕੀਤਾ ਗਿਆ।