ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਦੇਸ਼ ਦੇ ਕਈ ਹਿੱਸਿਆਂ 'ਹੋ ਰਹੇ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਕੇਂਦਰ ਨੇ ਇਸ ਕਾਨੂੰਨ ਦੇ ਡਰਾਫ਼ਟ 'ਤੇ ਵਿਚਾਰ ਚਰਚਾ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਇੱਕ ਸਰਕਾਰੀ ਅਫ਼ਸਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੇਕਰ ਪ੍ਰਦਰਸ਼ਨਕਾਰੀਆਂ ਕੋਲ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਕੋਈ ਸੁਝਾਅ ਹੈ ਤਾਂ ਸਰਕਾਰ ਇਹ ਮੰਨਣ ਲਈ ਤਿਆਰ ਹੈ।
ਐਮਈਏ ਦੇ ਸੂਤਰਾਂ ਨੇ ਕਿਹਾ ਕਿ ਜੇ ਪ੍ਰਦਰਸ਼ਨਕਾਰੀਆਂ ਕੋਲ ਨਾਗਰਿਕਤਾ ਸੋਧ ਕਾਨੂੰਨ ਬਾਰੇ ਕੋਈ ਸੁਝਾਅ ਹੈ ਤਾ ਉਹ ਸੁਣਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਖ-ਵੱਖ ਤਰੀਕਿਆਂ ਨਾਲ ਨਾਗਰਿਕਤਾ ਸੋਧ ਕਾਨੂੰਨ ਪ੍ਰਤੀ ਲੋਕਾਂ ਦੇ ਭਰਮ ਦੂਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਦੱਸਣਯੋਗ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਪੂਰੇ ਦੇਸ਼ ‘ਚ ਪ੍ਰਦਰਸ਼ਨ ਹੋ ਰਹੇ ਹਨ। ਉੱਤਰ ਤੋਂ ਦੱਖਣ ਤੇ ਪੂਰਬ ਤੋਂ ਪੱਛਮ ਦੇ ਸੂਬਿਆਂ ‘ਚ ਇਸ ਕਾਨੂੰਨ ਨੂੰ ਲਾਗੂ ਕਰਨ ਖ਼ਿਲਾਫ਼ ਲੋਕ ਸੜਕਾਂ ‘ਤੇ ਹਨ। ਕਈ ਥਾਵਾਂ ਤੋਂ ਹਿੰਸਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ਵਿੱਚ ਕਈ ਪ੍ਰਦਰਸ਼ਨਕਾਰੀ ਅਤੇ ਪੁਲਿਸਕਰਮੀ ਜ਼ਖ਼ਮੀ ਹੋਏ ਹਨ। ਉੱਤਰ ਪ੍ਰਦੇਸ਼ ਵਿੱਚ ਹੁਣ ਤੱਕ 5 ਲੋਕਾਂ ਦੀ ਮੋਤ ਦੀ ਖ਼ਬਰ ਸਾਹਮਣੇ ਆਈ ਹੈ।