ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਆਰਡੀਨੈਂਸਾਂ ਅਤੇ ਖੇਤੀ ਸੁਧਾਰ ਬਿੱਲਾਂ ਨੇ ਪੰਜਾਬ ਦੀ ਸਿਆਸਤ ਵਿੱਚ ਭਬੂਕਾ ਜਿਹਾ ਬਾਲ ਦਿੱਤਾ ਹੈ। ਪੰਜਾਬ ਭਰ ਵਿੱਚ ਕਿਸਾਨ, ਮਜ਼ਦੂਰ, ਆੜ੍ਹਤੀਏ ਅਤੇ ਆਮ ਲੋਕ ਕੇਂਦਰ ਸਰਕਾਰ ਦੇ ਇਨ੍ਹਾਂ ਫੈਸਲਿਆਂ ਵਿਰੁੱਧ ਸੜਕਾਂ 'ਤੇ ਹਨ। ਵੀਰਵਾਰ ਨੂੰ ਇਨ੍ਹਾਂ ਬਿੱਲਾਂ ਦੇ ਵਿਰੋਧ ਵਿੱਚ ਕੌਮੀ ਜਮਹੂਰੀ ਗਠਜੋੜ ਦੀ ਸਭ ਤੋਂ ਪੁਰਾਣੀ ਭਾਈਵਲ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਵਜ਼ੀਰ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਕੇਂਦਰੀ ਵਜ਼ਾਰਤ 'ਚੋਂ ਬਾਹਰ ਬੁਲਾ ਲਿਆ ਹੈ। ਇਸ ਸਾਰੀ ਸਥਿਤੀ 'ਤੇ ਪੰਜਾਬ ਦੇ ਸੀਨੀਅਰ ਅਕਾਲੀ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ(ਡੈਮੋਕ੍ਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ ਹੈ।
ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਇਸ ਮਾਮਲੇ 'ਤੇ ਪਹਿਲਾਂ ਖੇਤੀ ਆਰਡੀਨੈਂਸਾਂ ਨੂੰ ਕਿਸਾਨ ਪੱਖੀ ਦੱਸਦਾ ਰਿਹਾ ਹੈ। ਉਨ੍ਹਾਂ ਕਿਹਾ ਬਾਦਲ ਪਰਿਵਾਰ ਨੇ ਇਨ੍ਹਾਂ ਆਰਡੀਨੈਂਸਾਂ ਦੇ ਹੱਕ ਵਿੱਚ ਪ੍ਰਚਾਰ ਵੀ ਕੀਤਾ। ਉਨ੍ਹਾਂ ਕਿਹਾ ਅਸਤੀਫੇ ਦੇ ਮਾਮਲੇ ਵਿੱਚ ਅਕਾਲੀ ਦਲ ਮੌਕੇ ਤੋਂ ਖੁੰਝ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਅਸਤੀਫ਼ਾ ਬੀਬੀ ਬਾਦਲ ਨੇ ਕਿਸਾਨਾਂ ਅਤੇ ਪੰਜਾਬੀਆਂ ਦੇ ਵਿਰੋਧ ਦੇ ਦਬਾਅ ਹੇਠ ਆ ਕੇ ਦਿੱਤਾ ਹੈ। ਢੀਂਡਸਾ ਨੇ ਕਿਹਾ ਕਿ ਜਦੋਂ ਇਹ ਸਭ ਕੁਝ ਹੋ ਰਿਹਾ ਸੀ, ਉਸ ਸਮੇਂ ਅਸਤੀਫ਼ਾ ਦੇਣਾ ਬਣਦਾ ਸੀ। ਉਨ੍ਹਾਂ ਕਿਹਾ ਹੁਣ ਇਸ ਅਸਤੀਫ਼ੇ ਨੂੰ ਦੁਨੀਆ ਡਰਾਮਾ ਹੀ ਸਮਝ ਰਹੀ ਹੈ।
'ਮੈਂ ਬਿੱਲਾਂ ਦਾ ਡੱਟ ਕੇ ਕਰਾਂਗਾ ਵਿਰੋਧ'