ਨਵੀਂ ਦਿੱਲੀ: ਠੰਡ ਦਾ ਕਹਿਰ ਵੱਧਣ ਕਾਰਨ ਤਾਪਮਾਨ 'ਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਦੇਸ਼ ਦੀ ਰਾਜਧਾਨੀ ਦਿੱਲੀ 'ਚ ਸ਼ਨੀਵਾਰ ਨੂੰ 1.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਇਹ ਦਸੰਬਰ ਮਹੀਨੇ 'ਚ ਦਰਜ ਕੀਤਾ ਗਿਆ ਸਭ ਤੋਂ ਘੱਟ ਤਾਪਮਾਨ ਹੈ। ਠੰਡ ਦੇ ਕਾਰਨ ਖ਼ਰਾਬ ਹਲਾਤਾਂ ਨੂੰ ਵੇਖਦੇ ਹੋਏ ਭਾਰਤੀ ਮੌਸਮ ਵਿਭਾਗ ਵੱਲੋਂ ਉੱਤਰੀ ਭਾਰਤ ਦੇ ਕਈ ਸੂਬਿਆਂ 'ਚ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਭਾਰਤੀ ਮੌਸਮ ਵਿਭਾਗ ਮੁਤਾਬਕ ਇਸ ਵਾਰ ਰਾਸ਼ਟਰੀ ਰਾਜਧਾਨੀ ਵਿੱਚ 31 ਦਸੰਬਰ ਨੂੰ ਨਵੇਂ ਸਾਲ ਦੀ ਸ਼ਾਮ ਮੌਕੇ ਵੀ ਤਾਪਮਾਨ 'ਚ ਹੋਰ ਗਿਰਾਵਟ ਆ ਸਕਦੀ ਹੈ। ਉੱਤਰੀ ਭਾਰਤ ਅਤੇ ਕਸ਼ਮੀਰ ਘਾਟੀ ਦੇ ਪਹਾੜੀ ਇਲਾਕਿਆਂ 'ਚ ਸੰਘਣੀ ਬਰਫ਼ਬਾਰੀ ਹੋ ਸਕਦੀ ਹੈ। ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਅਗਲੇ 10 ਦਿਨਾਂ ਵਿੱਚ ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ।
ਭਾਰਤੀ ਮੌਸਮ ਵਿਭਾਗ ਠੰਡ ਕਾਰਨ ਖ਼ਰਾਬ ਹਲਾਤਾਂ ਨੂੰ ਵੇਖਦੇ ਹੋਏ ਉੱਤਰੀ ਭਾਰਤ ਦੇ ਕਈ ਸੂਬਿਆਂ 'ਚ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ 'ਚ ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ, ਉੱਤਰਾਖੰਡ, ਬਿਹਾਰ ,ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼ ਤੋਂ ਲੈ ਕੇ ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਅਤੇ ਸ੍ਰੀਨਗਰ ਵਿੱਚ ਮੌਸਮ ਵਿਭਾਗ ਵੱਲੋਂ ਰੈਡ ਅਲਰਟ ਜਾਰੀ ਕੀਤਾ ਗਿਆ ਹੈ।
ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ 2 ਡਿਗਰੀ ਤਾਪਮਾਨ ਅਤੇ ਲੱਦਾਖ ਦੇ ਕਾਰਗਿਲ ਜ਼ਿਲ੍ਹੇ ਦੇ ਦ੍ਰਾਸ ਵਿਖੇ -28.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਮੱਧ ਪ੍ਰਦੇਸ਼ ਦੇ ਪਚਮੜੀ, ਇੱਕ ਪਹਾੜੀ ਸਟੇਸ਼ਨ ਤੇ ਤਾਪਮਾਨ 1.2 ਡਿਗਰੀ ਤੱਕ ਪਹੁੰਚ ਗਿਆ। ਉਥੇ ਹੀ ਦੂਜੇ ਪਾਸੇ ਰਾਜਸਥਾਨ 'ਚ ਸ਼ੇਖਾਵਤੀ ਵਿੱਚ ਘੱਟੋ- ਘੱਟ ਤਾਪਮਾਨ -4 ਡਿਗਰੀ ਦਰਜ ਕੀਤਾ ਗਿਆ।