ਚੰਡੀਗੜ੍ਹ: ਪਾਕਿਸਤਾਨ 'ਚ ਭੀੜ ਵੱਲੋਂ ਗੁਰਦੁਆਰਾ ਨਨਕਾਣਾ ਸਾਹਿਬ ਉੱਤੇ ਹੋਏ ਹਮਲੇ 'ਤੇ ਪਾਕਿਸਤਾਨ ਪੁਲਿਸ ਨੇ ਕਾਰਵਾਈ ਕਰਦਿਆਂ ਇਮਰਾਨ ਚਿਸ਼ਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਨਕਾਣਾ ਸਾਹਿਬ ਵਿਖੇ ਹੋਈ ਇਸ ਘਟਨਾ ਤੋਂ ਬਾਅਦ ਦੇਸ਼ ਭਰ ਵਿੱਚ ਵਿਰੋਧ ਹੋ ਰਿਹਾ ਸੀ।
ਦੇਸ਼ ਵਿੱਚ ਮਾਹੌਲ ਨਾ ਖ਼ਰਾਬ ਹੋਵੇ, ਇਸ ਦੀਆਂ ਅਣਗਿਣਤ ਕੋਸ਼ਿਸ਼ਾਂ ਚੱਲ ਰਹੀਆਂ ਹਨ। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਵਾਪਰੀ ਇਸ ਘਟਨਾ ਦੇ ਮੁੱਦੇ 'ਤੇ ਹਿੰਦ-ਪਾਕਿ ਦੋਸਤੀ ਮੰਚ ਦੇ ਮੈਂਬਰਾਂ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੀਟਿੰਗ ਵੀ ਕੀਤੀ।
ਲਗਭਗ ਦੋ ਸਾਲਾਂ ਬਾਅਦ ਦੋਵੇਂ ਦੇਸ਼ ਦੇ ਮੈਂਬਰ ਇੱਕਠੇ ਹੋਏ। ਇਸ ਬੈਠਕ ਵਿੱਚ ਸਾਰਿਆਂ ਨੇ ਕਿਹਾ ਕਿ ਰਾਜਨੀਤਿਕ ਤਨਾਅ ਹੋਣ ਦੇ ਬਾਵਜੂਦ ਦੋਵੇਂ ਦੇਸ਼ਾਂ ਦੇ ਲੋਕਾਂ ਨੂੰ ਆਪਸ ਵਿੱਚ ਮਿਲਣ ਦੇਣਾ ਚਾਹੀਦਾ ਹੈ। ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਵਪਾਰ ਖੋਲਣ, ਵਪਾਰ ਦੀਆਂ ਸ਼ਰਤਾਂ ਨੂੰ ਸਰਲ ਰੱਖਿਆ ਜਾਵੇ। ਸਮਝੌਤਾ ਐਕਸਪ੍ਰੇਸ ਅਤੇ ਸਦਭਾਵਨਾ ਬੱਸ ਸ਼ੁਰੂ ਕੀਤੀ ਜਾਵੇ। ਪਿਆਰ ਅਤੇ ਮਿਲਵਰਤਨ ਦੇ ਸੰਦੇਸ਼ ਤੋਂ ਇਲਾਵਾ ਦੋਵੇਂ ਦੇਸ਼ਾਂ ਦੇ ਮੈਂਬਰਾਂ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਸੀ।
ਕੀ ਹੈ ਪੂਰਾ ਮਾਮਲਾ?
ਦੱਸ ਦਈਏ ਕਿ ਸ਼ੁੱਕਰਵਾਰ ਨੂੰ ਭੀੜ ਨੇ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਪਥਰਾਅ ਕਰ ਦਿੱਤਾ ਸੀ। ਭੀੜ ਦੀ ਅਗਵਾਈ ਮੁਹੰਮਦ ਹਸਨ ਦੇ ਪਰਿਵਾਰ ਵੱਲੋਂ ਕੀਤੀ ਜਾ ਰਹੀ ਸੀ।
ਇਸ ਮਾਮਲੇ ਦੇ ਮੁੱਖ ਦੋਸ਼ੀ ਇਮਰਾਨ ਚਿਸ਼ਤੀ ਨੇ ਹਮਲੇ ਦੇ ਅਗਲੇ ਹੀ ਦਿਨ, ਸੋਸ਼ਲ ਮੀਡੀਆ 'ਤੇ ਆਪਣੀ ਗ਼ਲਤੀ ਦੀ ਮੁਆਫ਼ੀ ਵੀ ਮੰਗੀ ਸੀ।