ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਪਿਛਲੇ 6 ਦਿਨਾਂ 'ਚ 30 ਹਜ਼ਾਰ ਨਵੇਂ ਮਰੀਜ਼ ਸਾਹਮਣੇ ਆਏ ਹਨ। ਭਾਰਤ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 31 ਹਜ਼ਾਰ ਤੋਂ ਪਾਰ ਹੋ ਗਈ ਹੈ, ਜਿਨ੍ਹਾਂ ਵਿੱਚੋਂ 3868 ਮੌਤਾਂ ਹੋ ਚੁੱਕੀਆਂ ਹਨ।
ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਸੂਬੇ ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 60 ਮੌਤਾਂ ਹੋਈਆਂ। ਹੁਣ ਤੱਕ ਇੱਥੇ 1577 ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਇਕੱਲੇ ਮੁੰਬਈ ਵਿੱਚ ਹੀ 949 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਤਾਮਿਲਨਾਡੂ ਦੇਸ਼ ਦਾ 8ਵਾਂ ਰਾਜ ਬਣ ਗਿਆ ਹੈ ਜਿੱਥੇ 100 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇੱਥੇ ਸ਼ਨੀਵਾਰ ਨੂੰ 5 ਮਰੀਜ਼ਾਂ ਦੀ ਮੌਤ ਹੋ ਗਈ ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 104 ਹੋ ਗਈ ਹੈ।
ਇਹ ਵੀ ਪੜ੍ਹੋ: 'ਘੇਰਲੂ ਉਡਾਣਾਂ, ਰੇਲਾਂ, ਬੱਸਾਂ ਰਾਹੀਂ ਪੰਜਾਬ ਆਉਣ ਵਾਲਿਆਂ ਨੂੰ 14 ਦਿਨ ਕੀਤਾ ਜਾਵੇਗਾ ਏਕਾਂਤਵਾਸ'
ਉਧਰ ਦੂਜੇ ਪਾਸੇ ਗੁਜਰਾਤ ਵਿੱਚ 27 ਲੋਕਾਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 829 ਹੋ ਗਈ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 23 ਲੋਕਾਂ ਦੀ ਜਾਨ ਚਲੀ ਗਈ। ਡਾਕਟਰ ਜੇ ਐਨ ਪਾਂਡੇ ਦਿੱਲੀ ਏਮਜ਼ ਦੇ ਮੈਡੀਸਨ ਵਿਭਾਗ ਦੇ ਸਾਬਕਾ ਚੇਅਰਮੈਨ ਨੇ ਵੀ ਦਮ ਤੋੜ ਦਿੱਤਾ। ਪਿਛਲੇ ਹਫ਼ਤੇ ਉਹ ਕੋਰੋਨਾ ਨਾਲ ਸੰਕਰਮਿਤ ਪਾਏ ਗਏ ਸੀ। ਹੁਣ ਤੱਕ ਦਿੱਲੀ ਵਿੱਚ 231 ਲੋਕ ਆਪਣੀ ਜਾਨ ਗੁਆਚੁੱਕੇ ਹਨ।
ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਵਿੱਚ 9, ਪੱਛਮੀ ਬੰਗਾਲ ਵਿੱਚ 4, ਰਾਜਸਥਾਨ ਵਿੱਚ 3, ਜੰਮੂ-ਕਸ਼ਮੀਰ, ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਕਰਨਾਟਕ ਵਿੱਚ 1-1 ਮੌਤ ਹੋਈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ 142 ਲੋਕਾਂ ਦੀ ਮੌਤ ਹੋ ਗਈ ਸੀ।