ਨਵੀਂ ਦਿੱਲੀ: ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਆਗੂ ਪੀ. ਚਿਦੰਬਰਮ ਦੀ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ। ਦਰਅਸਲ, ਆਈਐਨਐਕਸ ਮੀਡੀਆ ਮਾਮਲੇ 'ਚ ਉਨ੍ਹਾਂ ਦੀ ਅਗਾਉਂ ਜ਼ਮਾਨਤ ਅਰਜ਼ੀ ਨੂੰ ਦਿੱਲੀ ਹਾਈ ਕੋਰਟ ਨੇ ਖ਼ਾਰਜ ਕਰ ਦਿੱਤਾ ਸੀ ਅਤੇ ਇਸੇ ਦੇ ਫ਼ੈਸਲੇ ਨੂੰ ਉਨ੍ਹਾਂ ਸੁਪਰੀਮ ਕੋਰਟ 'ਚ ਪਟੀਸ਼ਨ ਪਾ ਕੇ ਚੁਣੌਤੀ ਦਿੱਤੀ ਸੀ।
ਚਿਦੰਬਰਮ ਦੀ ਪਟੀਸ਼ਨ 'ਤੇ ਜਸਟਿਸ ਆਰ. ਭਾਨੂਮਤੀ ਤੇ ਜਸਟਿਸ ਏਐੱਸ ਬੋਪੰਨਾ ਦਾ ਬੈਂਚ ਸੁਣਵਾਈ ਕਰੇਗਾ। ਇਸ ਮਾਮਲੇ 'ਚ ਬੁੱਧਵਾਰ ਨੂੰ ਸੀਬੀਆਈ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਪੀ. ਚਿਦੰਬਰਮ ਨੇ ਹਾਈ ਕੋਰਟ ਦੇ 20 ਅਗਸਤ ਦੇ ਫੈਸਲੇ ਵਿਰੁੱਧ ਸੁਪਰੀਮ ਕੋਰਟ ਵਿਚ ਪਹੁੰਚ ਕੀਤੀ ਸੀ। ਦਿੱਲੀ ਦੀ ਇਕ ਭ੍ਰਿਸ਼ਟਾਚਾਰ ਰੋਕੂ ਅਦਾਲਤ ਨੇ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਨੂੰ 26 ਅਗਸਤ ਤੱਕ ਸੀਬੀਆਈ ਹਿਰਾਸਤ ਵਿਚ ਭੇਜ ਦਿੱਤਾ ਹੈ।
10 ਪੰਨਿਆਂ ਦੇ ਹੁਕਮ ਵਿਚ ਵਿਸ਼ੇਸ਼ ਸੀਬੀਆਈ ਜੱਜ ਅਜੇ ਕੁਮਾਰ ਕੁਹਾੜ ਨੇ ਸੀਬੀਆਈ ਦੀ ਚਿਦੰਬਰਮ ਤੋਂ ਹਿਰਾਸਤ ਵਿਚ ਪੁੱਛਗਿੱਛ ਦੀ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਕੇਸ ਦੇ ਸਾਰੇ ਤੱਥਾਂ ਅਤੇ ਹਾਲਤਾਂ ਨੂੰ ਦੇਖਦਿਆਂ ਪੁਲਿਸ ਰਿਮਾਂਡ ਜਾਇਜ਼ ਹੈ। ਅਦਾਲਤ ਨੇ ਹਾਲਾਂਕਿ, ਪਰਿਵਾਰਕ ਮੈਂਬਰਾਂ ਅਤੇ ਵਕੀਲਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਹੈ।
ਬੁੱਧਵਾਰ ਨੂੰ ਰਾਹਤ ਨਾ ਮਿਲਣ 'ਤੇ ਪੀ. ਚਿਦੰਬਰਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਜਿਸ ਤੋਂ ਬਾਅਦ ਉਨ੍ਹਾਂ ਹਾਈ ਕੋਰਟ ਦੇ ਹੁਕਮਾਂ 'ਤੇ ਰੋਕ ਲਗਾਉਣ ਦੀ ਆਪਣੀ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰਨ ਦਾ ਫੈਸਲਾ ਕੀਤਾ ਸੀ। ਉਸ ਦੀ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਬੁੱਧਵਾਰ ਨੂੰ ਸੁਪਰੀਮ ਕੋਰਟ ਦੇ ਰਜਿਸਟਰਾਰ (ਜੁਡੀਸ਼ੀਅਲ) ਨੇ ਚਿਦੰਬਰਮ ਦੇ ਵਕੀਲਾਂ ਨੂੰ ਦੱਸਿਆ ਸੀ ਕਿ ਚੀਫ਼ ਜਸਟਿਸ ਆਫ਼ ਇੰਡੀਆ (ਸੀਜੇਆਈ) ਰੰਜਨ ਗੋਗੋਈ ਨੇ ਸ਼ੁੱਕਰਵਾਰ ਨੂੰ ਸੁਣਵਾਈ ਲਈ ਇਸ ਮਾਮਲੇ ਨੂੰ ਸੂਚੀਬੱਧ ਕੀਤਾ ਹੈ।