ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਨੇੜੇ ਪਾਕਿਸਤਾਨੀ ਫੌਜੀਆਂ ਵੱਲੋਂ ਕੀਤੀ ਗੋਲੀਬਾਰੀ ਵਿੱਚ ਬੁੱਧਵਾਰ ਨੂੰ ਫੌਜ ਦਾ ਇੱਕ ਜੂਨੀਅਰ ਕਮਿਸ਼ਨਡ ਅਫ਼ਸਰ (ਜੇਸੀਓ) ਸ਼ਹੀਦ ਹੋ ਗਏ ਹਨ।
ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨੀ ਫੌਜੀਆਂ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਅਤੇ ਕੇਰੀ ਸੈਕਟਰ ਵਿੱਚ ਅਗਲੀਆਂ ਚੌਕੀਆਂ 'ਤੇ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਭਾਰਤੀ ਫੌਜ ਨੇ ਜਵਾਬੀ ਕਾਰਵਾਈ ਕੀਤੀ।
ਫੌਜ ਮੁਤਾਬਕ ਜੇਸੀਓ ਪਾਕਿਸਤਾਨੀ ਗੋਲੀਬਾਰੀ 'ਚ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ, ਜਿਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਸੂਤਰਾਂ ਨੇ ਕਿਹਾ ਕਿ ਜਵਾਬੀ ਕਾਰਵਾਈ ਵਿੱਚ ਪਾਕਿਸਤਾਨ ਨੂੰ ਵੀ ਜਾਨੀ ਨੁਕਸਾਨ ਹੋਇਆ ਹੈ ਪਰ ਸਹੀ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਪਿਛਲੇ ਚਾਰ ਦਿਨਾਂ ਵਿੱਚ ਇਹ ਦੂਜੀ ਅਜਿਹੀ ਘਟਨਾ ਹੈ। 30 ਅਗਸਤ ਨੂੰ ਵੀ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ ਵਿੱਚ ਇੱਕ ਜੇਸੀਓ ਸ਼ਹੀਦ ਹੋ ਗਏ ਸਨ। ਇਸ ਤੋਂ ਪਹਿਲਾਂ 28 ਅਗਸਤ ਨੂੰ ਪਾਕਿਸਤਾਨੀ ਫੌਜ ਨੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਬਾਲਕੋਟ ਸੈਕਟਰ ਵਿੱਚ ਕੰਟਰੋਲ ਰੇਖਾ ਦੇ ਉਸ ਪਾਰ ਤੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਸੀ।
ਕਸ਼ਮੀਰ ਘਾਟੀ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਦੇ ਨਾਲ-ਨਾਲ ਰਾਜੌਰੀ ਅਤੇ ਪੁੰਛ ਜ਼ਿਲ੍ਹਿਆਂ ਵਿੱਚ ਪੀਰ ਪੰਜਾਲ ਦੇ ਦੱਖਣ ਵੱਲ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ।