ਸ੍ਰੀਨਗਰ: ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਬੁੱਧਵਾਰ ਨੂੰ ਦਹਿਸ਼ਤਗਰਦਾਂ ਅਤੇ ਸੁਰੱਖਿਆਂ ਬਲਾਂ ਵਿਚਾਲੇ ਹੋਈ ਮੁੱਠਭੇੜ 'ਚ ਇੱਕ ਅੱਤਵਾਦੀ ਮਾਰਿਆ ਗਿਆ ਹੈ ਅਤੇ ਇੱਕ ਜਵਾਨ ਸ਼ਹੀਦ ਹੋ ਗਿਆ ਹੈ। ਇਸ ਦੌਰਾਨ ਇੱਕ ਹੋਰ ਜਵਾਨ ਜ਼ਖਮੀ ਹੋਇਆ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਪੁਲਵਾਮਾ ਦੇ ਪਿੰਡ ਕਮਰਜੀਪੋਰਾ ਦੇ ਇੱਕ ਬਗੀਚੇ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਤੜਕੇ ਹੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ।
ਅਧਿਕਾਰੀਆਂ ਮੁਤਾਬਕ, ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਉਨ੍ਹਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਮੁਕਾਬਲੇ ਵਿਚ ਦੋ ਸੈਨਿਕ ਜ਼ਖ਼ਮੀ ਹੋ ਗਏ। ਜ਼ਖਮੀ ਜਵਾਨਾਂ ਨੂੰ ਫ਼ੌਜ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਗੰਭੀਰ ਰੂਪ ਵਿਚ ਜ਼ਖਮੀ ਇੱਕ ਜਵਾਨ ਦੀ ਮੌਤ ਹੋ ਗਈ।
ਅਧਿਕਾਰੀਆਂ ਨੇ ਦੱਸਿਆ ਕਿ ਇੱਕ ਗੋਲੀਬਾਰੀ ਵਿੱਚ ਇੱਕ ਅੱਤਵਾਦੀ ਵੀ ਮਾਰਿਆ ਗਿਆ। ਮੁਕਾਬਲੇ ਵਾਲੀ ਥਾਂ ਤੋਂ ਇੱਕ ਏਕੇ ਰਾਈਫਲ ਅਤੇ ਕੁੱਝ ਗ੍ਰੇਨੇਡ ਬਰਾਮਦ ਕੀਤੇ ਗਏ ਹਨ। ਮਾਰੇ ਗਏ ਅੱਤਵਾਦੀ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਕਿਸ ਅੱਤਵਾਦੀ ਸੰਗਠਨ ਨਾਲ ਸਬੰਧਤ ਸੀ।