ਨਵੀਂ ਦਿੱਲੀ: ਲੋਕ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਕਾਂਗਰਸ ਵਿੱਚ ਅਸਤੀਫ਼ਿਆਂ ਦਾ ਦੌਰ ਜਾਰੀ ਹੈ। ਐਤਵਾਰ ਨੂੰ ਇਸ ਲਿਸਟ ਵਿੱਚ ਕਾਂਗਰਸ ਦੇ ਜਨਰਲ ਸਕੱਤਰ ਜੋਤੀਰਾਦਿੱਤਿਆ ਸਿੰਧਿਆ ਦਾ ਨਾਂਅ ਵੀ ਜੁੜ ਹੈ। ਸਿੰਧਿਆ ਨੇ ਟਵਿੱਟਰ 'ਤੇ ਲੋਕ ਸਭਾ ਚੋਣਾਂ 'ਚ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ੇ ਦਾ ਐਲਾਨ ਕੀਤਾ। ਉਨ੍ਹਾਂ ਰਾਹੁਲ ਗਾਂਧੀ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ।
ਕਾਂਗਰਸ ਨੂੰ ਇੱਕ ਹੋਰ ਝਟਕਾ, ਮੁੰਬਈ ਪ੍ਰਧਾਨ ਮਿਲਿੰਦ ਦੇਵੜਾ ਨੇ ਦਿੱਤਾ ਅਸਤੀਫ਼ਾ
ਸਿੰਧੀਆ ਨੇ ਆਪਣੇ ਟਵੀਟ 'ਚ ਲਿਖਿਆ ਕਿ ਜਨਾਦੇਸ਼ ਨੂੰ ਸਵੀਕਾਰ ਕਰਦਿਆਂ ਤੇ ਜ਼ਿੰਮੇਵਾਰੀ ਲੈਂਦਿਆਂ ਉਨ੍ਹਾਂ ਆਪਣੇ ਕਾਂਗਰਸ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। ਇੱਕ ਨਿਊਜ਼ ਏਜੰਸੀ ਨੂੰ ਦਿੱਤੇ ਆਪਣੇ ਬਿਆਨ 'ਚ ਸਿੰਧਿਆ ਨੇ ਕਿਹਾ ਕਿ ਉਨ੍ਹਾਂ 10 ਦਿਨ ਪਹਿਲਾਂ ਹੀ ਰਾਹੁਲ ਗਾਂਧੀ ਨੂੰ ਆਪਣਾ ਅਸਤੀਫ਼ਾ ਦੇ ਦਿੱਤਾ ਸੀ। ਖ਼ਬਰਾਂ 'ਚ ਆਉਣ ਤੋਂ ਬਾਅਦ ਉਨ੍ਹਾਂ ਐਤਵਾਰ ਨੂੰ ਇਸ ਦਾ ਐਲਾਨ ਕਰ ਦਿੱਤਾ।
ਦੱਸ ਦੇਈਏ ਚੋਣਾਂ 'ਚ ਜੋਤੀਰਾਦਿੱਤਿਆ ਸਿੰਧਿਆ ਕੋਲ ਪੱਛਮੀ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ ਸੀ। ਉੱਥੇ ਹੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਕੋਲ ਪੂਰਬੀ ਉੱਤਰ ਪ੍ਰਦੇਸ਼ ਦੀ ਕਮਾਨ ਸੀ। ਜ਼ਿਕਰਯੋਗ ਹੈ ਕਿ ਸਿੰਧਿਆ ਖ਼ੁਦ ਵੀ ਮੱਧ ਪ੍ਰਦੇਸ਼ ਦੇ ਗੁਣਾ ਤੋਂ ਲੋਕ ਸਭਾ ਚੋਣਾਂ ਹਾਰ ਗਏ ਸਨ। ਇਸ ਤੋਂ ਪਹਿਲਾਂ ਮੁੰਬਈ ਕਾਂਗਰਸ ਦੇ ਪ੍ਰਧਾਨ ਮਿਲਿੰਦ ਦੇਵੜਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।