ਨਵੀਂ ਦਿੱਲੀ: ਦਿੱਲੀ ਵਿੱਚ ਹੁਣ ਸਭ ਦਾ ਇਲਾਜ ਹੋ ਸਕੇਗਾ। ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਕੇਜਰੀਵਾਲ ਸਰਕਾਰ ਦੇ ਉਸ ਫ਼ੈਸਲੇ ਨੂੰ ਇੱਕ ਦਿਨ ਬਾਅਦ ਹੀ ਖ਼ਾਰਜ ਕਰ ਦਿੱਤਾ ਹੈ, ਜਿਸ ਵਿੱਚ ਕਿਹਾ ਗਿਆ ਸੀ ਕਿ ਦਿੱਲੀ ਦੇ ਹਸਪਤਾਲਾਂ ਵਿੱਚ ਸਿਰਫ਼ ਦਿੱਲੀ ਦੇ ਵਸਨੀਕਾਂ ਦਾ ਹੀ ਇਲਾਜ ਹੋ ਸਕੇਗਾ।
ਦੱਸਣਯੋਗ ਹੈ ਕਿ ਦਿੱਲੀ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਦਿੱਲੀ ਕੈਬਿਨੇਟ ਨੇ ਐਤਵਾਰ ਨੂੰ ਫ਼ੈਸਲਾ ਲਿਆ ਸੀ ਕਿ ਦਿੱਲੀ ਸਰਕਾਰ ਦੇ ਸਾਰੇ ਹਸਪਤਾਲਾਂ ਵਿੱਚ ਸਿਰਫ਼ ਦਿੱਲੀ ਵਾਸੀਆਂ ਦਾ ਇਲਾਜ ਹੋਵੇਗਾ, ਜਦਕਿ ਕੇਂਦਰ ਸਰਕਾਰ ਦੇ ਹਸਪਤਾਲਾਂ ਵਿੱਚ ਸਾਰਿਆਂ ਦਾ ਇਲਾਜ ਹੋਵੇਗਾ।
ਇਸ ਦੇ ਨਾਲ ਹੀ ਐਲਜੀ ਨੇ ਸਰਕਾਰ ਦੇ ਉਸ ਫ਼ੈਸਲੇ ਨੂੰ ਵੀ ਨਕਾਰ ਦਿੱਤਾ ਹੈ, ਜਿਸ ਵਿੱਚ ਸਿਰਫ਼ ਲੱਛਣ ਵਾਲੇ ਮਰੀਜ਼ਾਂ ਲਈ ਹੀ ਕੋਰੋਨਾ ਵਾਇਰਸ ਜਾਂਚ ਦੀ ਗੱਲ ਕਹੀ ਗਈ ਸੀ। ਇਸ ਤੋਂ ਬਾਅਦ ਦਿੱਲੀ ਸਰਕਾਰ ਅਤੇ ਉਪ ਰਾਜਪਾਲ ਵਿਚਕਾਰ ਮੁੜ ਤੋਂ ਟਕਰਾਅ ਵਧਦਾ ਨਜ਼ਰ ਆ ਰਿਹਾ ਹੈ।