ਪਟਨਾ: ਬਿਹਾਰ ਵਿੱਚ ਅਸਮਾਨੀ ਬਿਜਲੀ ਡਿੱਗਣ ਦਾ ਕਹਿਰ ਲਗਾਤਾਰ ਜਾਰੀ ਹੈ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਅਸਮਾਨੀ ਬਿਜਲੀ ਡਿੱਗਣ ਨਾਲ ਸਭ ਤੋਂ ਵੱਧ ਮੌਤਾਂ ਅਰਰੀਆ 'ਚ ਹੋਈਆਂ ਹਨ। ਅਸਮਾਨੀ ਬਿਜਲੀ ਦੀ ਲਪੇਟ 'ਚ ਆਉਣ ਨਾਲ ਇਥੇ ਕੁੱਲ 5 ਲੋਕਾਂ ਦੀ ਮੌਤ ਹੋ ਗਈ ਹੈ।
ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਬਿਜਲੀ ਡਿੱਗਣ ਕਾਰਨ 5 ਦੀ ਮੌਤ ਹੋ ਗਈ। ਇਨ੍ਹਾਂ ਵਿੱਚੋਂ 1 ਭਰਗਾਮਾ, 1 ਪਲਾਸੀ ਅਤੇ 3 ਰਾਣੀਗੰਜ ਬਲਾਕ ਦੇ ਰਹਿਣ ਵਾਲੇ ਹਨ। ਮ੍ਰਿਤਕਾਂ ਵਿੱਚ ਇਕ 5 ਸਾਲਾਂ ਕੁੜੀ ਵੀ ਸ਼ਾਮਲ ਹੈ। ਇਹ ਹਾਦਸਾ ਜ਼ਿਆਦਾਤਰ ਉਸ ਵੇਲੇ ਹੁੰਦਾ ਹੈ, ਜਦੋਂ ਲੋਕ ਖੇਤਾਂ ਵਿੱਚ ਕੰਮ ਕਰਦੇ ਹੁੰਦੇ ਹਨ।
ਮੁੱਖ ਮੰਤਰੀ ਨੇ ਦੁੱਖ ਦਾ ਕੀਤਾ ਪ੍ਰਗਟਾਵਾ
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਬਿਹਾਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਸਮਾਨੀ ਬਿਜਲੀ ਡਿੱਗਣ ਨਾਲ ਹੋਈਆਂ ਮੌਤਾਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਬਿਪਤਾ ਦੀ ਇਸ ਘੜੀ ਵਿੱਚ ਪ੍ਰਭਾਵਤ ਪਰਿਵਾਰਾਂ ਦੇ ਨਾਲ ਹਨ।
ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ ਤੁਰੰਤ ਚਾਰ-ਚਾਰ ਲੱਖ ਰੁਪਏ ਦੀ ਮੁਆਵਜ਼ਾ ਦੇਣ ਦਾ ਨਿਰਦੇਸ਼ ਦਿੱਤਾ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਖਰਾਬ ਮੌਸਮ ਵਿੱਚ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਨਿਤੀਸ਼ ਕੁਮਾਰ ਨੇ ਕਿਹਾ ਕਿ ਖ਼ਰਾਬ ਮੌਸਮ ਦੀ ਸਥਿਤੀ ਵਿੱਚ ਬਿਜਲੀ ਦੀ ਰੋਕਥਾਮ ਲਈ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਸਮੇਂ-ਸਮੇਂ 'ਤੇ ਜਾਰੀ ਸੁਝਾਅ ਦਾ ਸਖ਼ਤੀ ਨਾਲ ਪਾਲਣਾ ਕਰੋ। ਘਰ ਰਹੋ ਸੁਰੱਖਿਅਤ ਰਹੋ।