ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜ ਸਭਾ ਵਿੱਚ ਕਿਹਾ ਕਿ ਦਿੱਲੀ ਹਿੰਸਾ ਮਾਮਲਿਆਂ ਵਿੱਚ ਕਿਸੇ ਵਿਅਕਤੀ ਨਾਲ ਪੱਖ-ਪਾਤ ਨਹੀਂ ਕੀਤਾ ਜਾਵੇਗਾ ਅਤੇ ਦੰਗਿਆਂ 'ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਚਾਹੇ ਉਹ ਕਿਸੇ ਵੀ ਧਰਮ ਜਾਂ ਪਾਰਟੀ ਦਾ ਹੋਵੇ।
ਸ਼ਾਹ ਨੇ ਵੀਰਵਾਰ ਨੂੰ ਸੰਸਦ ਦੇ ਉੱਚ ਸਦਨ ਵਿੱਚ ਦਿੱਲੀ ਹਿੰਸਾ ਮਾਮਲੇ 'ਤੇ ਹੋਈ ਵਿਚਾਰ ਚਰਚਾ 'ਤੇ ਜਵਾਬ ਦਿੰਦਿਆਂ ਕਿਹਾ ਕਿ ਮੋਦੀ ਸਰਕਾਰ ਦੰਗਿਆਂ ਨਾਲ ਜੁੜੇ ਮਾਮਲਿਆਂ ਦੀ ਜਾਂਚ ਵਿਗਿਆਨਿਕ ਤੇ ਪ੍ਰਮਾਣਿਕ ਤਰੀਕੇ ਨਾਲ ਤੇਜ਼ੀ ਨਾਲ ਕਰ ਰਹੀ ਹੈ। ਸ਼ਾਹ ਨੇ ਬੀਤੇ ਦਿਨੀਂ ਲੋਕ ਸਭਾ ਵਿੱਚ ਦਿੱਤੇ ਆਪਣੇ ਕਥਨਾਂ ਨੂੰ ਮੁੜ ਦੁਹਰਾਇਆ ਕਿ ਦੰਗਾ ਕਰਨ ਵਾਲੇ ਚਾਹੇ ਕਿਸੇ ਵੀ ਧਰਮ, ਪੱਖ ਜਾਂ ਪਾਰਟੀ ਨਾਲ ਸਬੰਧਤ ਹੋਣ ਉਨ੍ਹਾਂ ਨੂੰ ਛੱਡਿਆ ਨਹੀਂ ਜਾਵੇਗਾ।
ਗ੍ਰਹਿ ਮੰਤਰੀ ਨੇ ਵਿਰੋਧੀਆਂ ਵੱਲੋਂ ਉਨ੍ਹਾਂ 'ਤੇ ਲੋਕ ਸਭਾ 'ਚ ਚਰਚਾ ਤੋਂ ਭੱਜਣ ਦੇ ਦੋਸ਼ਾਂ ਨੂੰ ਖਾਰਿਜ ਕਰਦਿਆਂ ਕਿਹਾ ਕਿ ਦਿੱਲੀ ਪੁਲਿਸ ਨੇ ਆਪਣਾ ਕੰਮ ਚੰਗੀ ਤਰ੍ਹਾਂ ਕਰ ਸਕੇ, ਲੋਕਾਂ ਦੇ ਮੁੜ ਵਸੇਬੇ ਲਈ, ਜ਼ਖ਼ਮੀਆਂ ਦੇ ਇਲਾਜ ਲਈ ਅਤੇ ਦੋਸ਼ੀਆਂ ਨੂੰ ਫੜਿਆ ਜਾ ਸਕੇ, ਇਸ ਲਈ ਚਰਚਾ ਦਾ ਸਮਾਂ ਮੰਗਿਆ ਗਿਆ।