ਨਵੀਂ ਦਿੱਲੀ: ਵਿਧਾਨ ਸਭਾ ਚੋਣਾਂ ਲਈ ਮੰਗਲਵਾਰ ਤੋਂ ਨਾਮਜਦਗੀਆਂ ਭਰੀਆਂ ਜਾਣਗੀਆਂ। 21 ਜਨਵਰੀ ਨਾਮਜਦਗੀਆਂ ਭਰਨ ਦੀ ਆਖਰੀ ਤਰੀਕ ਹੈ। ਇਸ ਤੋਂ ਬਾਅਦ ਨਾਮਜਦਗੀ ਪੱਤਰਾਂ ਦੀ ਜਾਂਚ ਹੋਵੇਗੀ ਅਤੇ 24 ਜਨਵਰੀ ਤੱਕ ਨਾਮਜਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ।
ਸੋਮਵਾਰ ਨੂੰ ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਤੋਂ ਸਾਰੀਆਂ 70 ਵਿਧਾਨ ਸਭਾ ਸੀਟਾਂ ਲਈ ਚੋਣ ਅਧਿਕਾਰੀਆਂ ਨੂੰ ਤੈਨਾਤ ਕਰ ਦਿੱਤਾ ਗਿਆ ਹੈ। ਨਾਮਜਦਗੀਆਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਭਰੀਆਂ ਜਾਣਗੀਆਂ।
ਇਹ ਵੀ ਪੜ੍ਹੋ: ਕੈਪਟਨ ਦਾ ਇੱਕ ਹੋਰ ਲਾਰਾ, ਇਸ ਕਾਰਡ ਨਾਲ ਨੌਜਵਾਨਾਂ ਨੂੰ ਮਿਲੇਗਾ ਪੂਰਾ ਸਨਮਾਨ!
8 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ 2,689 ਥਾਵਾਂ ਉੱਤੇ 13,750 ਵੋਟਰ ਕੇਂਦਰ ਬਣਾਏ ਜਾਣਗੇ। ਦਿੱਲੀ ਵਿੱਚ 465 ਕੇਂਦਰਾਂ ਨੂੰ ਬਹੁਤ ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਉੱਥੇ ਹੀ ਲਗਭਗ 2744 ਵੋਟਰ ਕੇਂਦਰਾਂ ਨੂੰ ਸੰਵੇਦਨਸ਼ੀਲ ਦੀ ਸੂਚੀ ਵਿੱਚ ਰੱਖਿਆ ਗਿਆ ਹੈ।
ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਕੁਝ ਹੀ ਹਫ਼ਤੇ ਬਚੇ ਹੋਣ ਕਾਰਨ ਆਪ, ਭਾਜਪਾ ਅਤੇ ਕਾਂਗਰਸ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਮ ਰੂਪ ਦੇਣ ਵਿੱਚ ਰੁੱਝੀਆਂ ਹੋਈਆਂ ਹਨ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਉਮੀਦਵਾਰਾਂ ਦੀ ਸੂਚੀ ਇਸ ਹਫ਼ਤੇ ਆਉਣੀ ਸ਼ੁਰੂ ਹੋ ਜਾਵੇਗੀ।
ਸੱਤਾਧਾਰੀ ਪਾਰਟੀ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਅਗਲੇ ਇੱਕ ਜਾਂ ਦੋ ਦਿਨਾਂ ਵਿੱਚ ਜਾਰੀ ਕਰੇਗੀ, ਜਦ ਕਿ ਭਾਜਪਾ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ 18 ਜਨਵਰੀ ਤੱਕ ਜਾਰੀ ਕਰ ਸਕਦੀ ਹੈ। ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਛੇਤੀ ਹੀ ਆਉਣ ਦੀ ਉਮੀਦ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: DSP ਦਵਿੰਦਰ ਸਿੰਘ ਦੇ ਅਫਜ਼ਲ ਗੁਰੂ ਨਾਲ ਸਨ ਸਬੰਧ!
ਆਮ ਆਦਮੀ ਪਾਰਟੀ ਨੇ 2015 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 70 ਵਿਚੋਂ 67 ਸੀਟਾਂ ਜਿੱਤੀਆਂ ਸਨ। ਇਸ ਲਈ ਉਮੀਦ ਕੀਤੀ ਜਾਂਦੀ ਹੈ ਕਿ ਉਹ ਪਿਛਲੀਆਂ ਚੋਣਾਂ ਤੋਂ ਆਪਣੇ ਬਹੁਤੇ ਉਮੀਦਵਾਰ ਖੜ੍ਹੇ ਕਰ ਸਕਦੀ ਹੈ। ਸੂਤਰਾਂ ਮੁਤਾਬਕ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਨਾਲ ਖੜ੍ਹੇ ਕੁਝ ਉਮੀਦਵਾਰਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਵੀ ਟਿਕਟਾਂ ਦਿੱਤੀਆਂ ਜਾ ਸਕਦੀਆਂ ਹਨ।