ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਪਿਛਲੇ 24 ਘੰਟਿਆ ਦੌਰਾਨ ਦੇਸ਼ ਵਿਚ ਕੋਵਿਡ-19 ਦੇ 22,752 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 482 ਲੋਕਾ ਦੀ ਮੌਤ ਹੋ ਚੁੱਕੀ ਹੈ।
ਬੁੱਧਵਾਰ ਨੂੰ ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 7,42,417 ਤੱਕ ਪਹੁੰਚ ਗਈ ਹੈ ਅਤੇ 20,642 ਲੋਕ ਆਪਣੀ ਜਾਨ ਗਵਾ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਅਨੁਸਾਰ ਕੋਵਿਡ -19 ਦੇ 4,56,830 ਮਰੀਜ਼ ਠੀਕ ਹੋ ਗਏ ਹਨ ਅਤੇ 2,64,944 ਲੋਕ ਅਜੇ ਵੀ ਜ਼ੇਰੇ ਇਲਾਜ ਹਨ।
ਮਹਾਰਾਸ਼ਟਰ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 2,23,724 ਤੱਕ ਪਹੁੰਚ ਗਈ ਹੈ ਅਤੇ 9,448 ਲੋਕਾਂ ਦੀ ਜਾਨ ਜਾ ਚੁੱਕੀ ਹੈ। ਹੁਣ ਤੱਕ 1,23,192 ਲੋਕ ਇਸ ਵਾਇਰਸ ਨੂੰ ਮਾਤ ਦੇ ਚੁੱਕੇ ਹਨ।
ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਵਧ ਕੇ 1,04,864 ਹੋ ਗਏ ਹਨ। ਦਿੱਲੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਬੁੱਧਵਾਰ ਨੂੰ ਦਿੱਲੀ ਵਿੱਚ ਕੋਰੋਨਾ ਦੇ 2033 ਨਵੇਂ ਮਾਮਲੇ ਦਰਜ ਕੀਤੇ ਗਏ ਅਤੇ 48 ਮੌਤਾਂ ਹੋਈਆਂ। ਹੁਣ ਤੱਕ ਇਸ ਵਾਇਰਸ ਨਾਲ 3213 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਦਿੱਲੀ ਵਿਚ ਰਿਕਵਰੀ ਦੀ ਦਰ ਆਪਣੇ ਸਭ ਤੋਂ ਉੱਚੇ ਪੱਧਰ 74.57 ਫੀਸਦੀ ਉੱਤੇ ਪਹੁੰਚ ਗਈ ਹੈ।
ਬੁੱਧਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 158 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6907 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1901 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 178 ਲੋਕਾਂ ਦੀ ਮੌਤ ਹੋਈ ਹੈ।