ਭਾਰਤੀ ਪਾਇਲਟ ਨੂੰ ਕੱਲ੍ਹ ਰਿਹਾਅ ਕਰੇਗਾ ਪਾਕਿਸਤਾਨ, ਸੰਸਦ 'ਚ ਬੋਲੇ ਇਮਰਾਨ ਖ਼ਾਨ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕੱਲ੍ਹ ਭਾਰਤੀ ਪਾਇਲਟ ਅਭਿਨੰਦਨ ਨੂੰ ਰਿਹਾਅ ਕਰਨ ਦਾ ਕੀਤਾ ਐਲਾਨ। ਮੁੱਖ ਮੰਤਰੀ ਪੰਜਾਬ ਨੇ ਕੀਤੀ ਖ਼ੁਸ਼ੀ ਜ਼ਾਹਿਰ।
ਨਵੀਂ ਦਿੱਲੀ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸੰਸਦ 'ਚ ਐਲਾਨ ਕੀਤਾ ਕਿ ਕੱਲ੍ਹ ਭਾਰਤੀ ਪਾਇਲਟ ਅਭਿਨੰਦਨ ਨੂੰ ਰਿਹਾਅ ਕਰ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਭਾਰਤ ਸਰਕਾਰ ਨੇ ਸਾਫ ਕਰ ਦਿੱਤਾ ਸੀ ਕਿ ਇਸ ਸਮੇਂ ਵਿੰਗ ਕਮਾਂਡਰ ਅਭਿਨੰਦਨ ਨੂੰ ਵਾਪਸ ਲਿਆਉਣ ਲਈ ਕੋਈ ਗੱਲਬਾਤ ਨਹੀਂ ਚੱਲ ਰਹੀ ਹੈ ਤੇ ਪਾਕਿਸਤਾਨ ਸਰਕਾਰ ਨੂੰ ਹਰ ਹਾਲ 'ਚ ਅਭਿਨੰਦਨ ਨੂੰ ਸੁਰੱਖਿਅਤ ਭਾਰਤ ਵਾਪਸ ਭੇਜਣਾ ਹੋਵੇਗਾ।
ਪਾਕਿਸਤਾਨ ਨੇ ਕਿਹਾ ਹੈ ਕਿ ਤਣਾਅ ਦੂਰ ਕਰਨ ਲਈ ਉਹ ਭਾਰਤੀ ਪਾਇਲਟ ਨੂੰ ਰਿਹਾਅ ਕਰਨ ਲਈ ਤਿਆਰ ਹਨ। ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਦੇ ਸੂਤਰਾਂ ਦਾ ਕਹਿਣਾ ਸੀ ਕਿ ਪਾਕਿਸਤਾਨ ਪਰੇਸ਼ਾਨ ਕਰੇਗਾ ਤਾਂ ਉਸ ਨੂੰ ਅਜਿਹਾ ਕਰਨ ਨਹੀਂ ਦਿੱਤਾ ਜਾਵੇਗਾ।
ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਪਾਇਲਟ ਅਭਿਨੰਦਨ ਦੀ ਰਿਹਾਈ ਬਾਰੇ ਟਵੀਟ ਕਰਦਿਆਂ ਖ਼ੁਸ਼ੀ ਜਾਹਰ ਕੀਤੀ ਹੈ।
ਜ਼ਿਕਰਯੋਗ ਹੈ ਕਿ ਪੁਲਵਾਮਾ ਹਮਲੇ ਤੋਂ ਬਾਅਦ 26 ਫਰਵਰੀ ਨੂੰ ਭਾਰਤ ਨੇ ਪਾਕਿਸਤਾਨ ਦੇ ਬਾਲਾਕੋਟ 'ਚ ਏਅਰ ਸਟ੍ਰਾਈਕ ਕੀਤੀ ਸੀ, ਜਿਸ ਮਗਰੋਂ ਪਾਕਿਸਤਾਨ ਦੇ ਲੜਾਕੂ ਜਹਾਜਾਂ ਨੇ ਵੀ ਭਾਰਤੀ ਸੈਨਿਕ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਣ ਭਾਰਤ ਦੇ ਵਿੰਗ ਕਮਾਂਡਰ ਅਭਿਨੰਦਨ ਦਾ ਜਹਾਜ਼ ਪੀ.ਓ.ਕੇ. 'ਚ ਡਿੱਗ ਗਿਆ ਸੀ ਤੇ ਉਹ ਪਾਕਿਸਤਾਨ ਦੇ ਕਬਜ਼ੇ 'ਚ ਹਨ।