ਨਵੀਂ ਦਿੱਲੀ: ਦਿੱਲੀ ਦਾ ਭਵਿੱਖ ਕੀ ਹੋਵੇਗਾ, ਅਗਲੇ ਪੰਜ ਸਾਲਾਂ ਵਿਚ ਦਿੱਲੀ ਵਿੱਚ ਕੌਣ ਰਾਜ ਕਰੇਗਾ, ਸ਼ਨੀਵਾਰ ਨੂੰ ਰਾਜਧਾਨੀ ਦੇ ਵੋਟਰਾਂ ਨੇ ਸਵੇਰੇ 8 ਵਜੇ ਤੋਂ ਇਸ ਉੱਤੇ ਫ਼ੈਸਲੇ ਲਈ ਵੋਟਿੰਗ ਸ਼ੁਰੂ ਕਰ ਦਿੱਤੀ ਹੈ। ਦਿੱਲੀ ਦੇ ਲਗਭਗ 1.47 ਕਰੋੜ ਵੋਟਰ ਅੱਜ ਆਮ ਆਦਮੀ ਪਾਰਟੀ (ਆਪ), ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ ਦੇ 672 ਉਮੀਦਵਾਰਾਂ ਦੇ ਭਵਿੱਖ ਦਾ ਫੈਸਲਾ ਕਰਨਗੇ।
ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਭਾਰੀ ਪੁਲਿਸ ਫ਼ੋਰਸ ਤਾਇਨਾਤ ਕੀਤੀ ਗਈ ਹੈ। ਦਿੱਲੀ-ਯੂਪੀ ਅਤੇ ਦਿੱਲੀ-ਹਰਿਆਣਾ ਨਾਲ ਲੱਗਦੀ ਸਰਹੱਦ ਕੋਲ ਜਾਂਚ ਲਈ ਮੁਹਿੰਮ ਚਲਾਈ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਕਈ ਪਾਰਟੀਆਂ ਦੇ ਆਗੂਆਂ ਨੇ ਦਿੱਲੀ ਦੇ ਲੋਕਾਂ ਨੂੰ ਲੋਕਤੰਤਰ ਦੇ ਇਸ ਤਿਉਹਾਰ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ।