ਨਵੀਂ ਦਿੱਲੀ: ਰਾਜਧਾਨੀ ਵਿੱਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਚੱਲ ਰਹੇ ਹਿੰਸਕ ਪ੍ਰਦਰਸ਼ਨਾਂ ਵਿਚਾਲੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਹੈ।
ਪੀਐਮ ਮੋਦੀ ਨੇ ਟਵੀਟ ਕਰਕੇ ਲੋਕਾਂ ਨੂੰ ਦਿੱਲੀ ਵਿੱਚ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ ਉਨ੍ਹਾਂ ਟਵੀਟ ਕਰਦਿਆਂ ਲਿਖਿਆ, "ਅੱਜ ਦਿੱਲੀ ਦੇ ਕਈ ਇਲਾਕਿਆਂ ਵਿੱਚ ਮੌਜੂਦਾ ਹਾਲਾਤਾਂ ਦੀ ਸਮੀਖਿਆ ਕੀਤੀ ਗਈ। ਪੁਲਿਸ ਅਤੇ ਹੋਰ ਏਜੰਸੀਆਂ ਜ਼ਮੀਨ ਉੱਤੇ ਸ਼ਾਂਤੀ ਬਹਾਲ ਕਰਨ ਦੀ ਕੋਸ਼ਿਸ਼ ਵਿੱਚ ਲੱਗੀਆਂ ਹੋਈਆਂ ਹਨ।"
ਉਨ੍ਹਾਂ ਲਿਖਿਆ, "ਸ਼ਾਂਤੀ ਅਤੇ ਸਦਭਾਵਨਾ ਸਾਡੇ ਲੋਕਾਚਾਰ ਦਾ ਕੇਂਦਰ ਹੈ। ਮੈਂ ਦਿੱਲੀ ਵਿਚ ਆਪਣੀਆਂ ਭੈਣਾਂ ਅਤੇ ਭਰਾਵਾਂ ਨੂੰ ਹਰ ਸਮੇਂ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ। ਇਹ ਮਹੱਤਵਪੂਰਨ ਹੈ ਕਿ ਜਿੰਨੀ ਜਲਦੀ ਸੰਭਵ ਹੋ ਸਕੇ ਸ਼ਾਂਤੀ ਨੂੰ ਬਹਾਲ ਕੀਤਾ ਜਾਵੇ।
ਦੱਸ ਦਈਏ ਕਿ ਦਿੱਲੀ ਵਿੱਚ ਸੀਏਏ ਵਿਰੋਧੀਆਂ ਅਤੇ ਸਮਰਥਕਾਂ ਦੀ ਝੜਪ ਤੋਂ ਬਾਅਦ ਲੰਬੇ ਸਮੇਂ ਤੋਂ ਚੱਲ ਰਹੇ ਪ੍ਰਦਰਸ਼ਨਾਂ ਨੇ ਹਿੰਸਕ ਰੂਪ ਲੈ ਲਿਆ ਹੈ। ਬੁੱਧਵਾਰ ਨੂੰ ਪਿਛਲੇ ਤਿੰਨ ਦਿਨਾਂ ਦੌਰਾਨ ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ 20 ਹੋ ਗਈ ਹੈ, ਜਦ ਕਿ 200 ਤੋਂ ਵੱਧ ਲੋਕ ਜ਼ਖਮੀ ਹਨ।