ਨਵੀਂ ਦਿੱਲੀ: ਭਾਰਤ-ਚੀਨ ਸਰਹੱਦ 'ਤੇ ਮੌਜੂਦਾ ਹਾਲਾਤ 'ਤੇ ਚਰਚਾ ਕਰਨ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਜੂਨ ਨੂੰ ਸਰਬ ਪਾਰਟੀ ਬੈਠਕ ਬੁਲਾਈ ਹੈ। ਲੱਦਾਖ ਦੀ ਗਲਵਾਨ ਘਾਟੀ ਵਿੱਚ ਸੋਮਵਾਰ ਰਾਤ ਨੂੰ ਭਾਰਤੀ ਫੌਜ ਦੇ ਜਵਾਨਾਂ ਦੀ ਚੀਨੀ ਫੌਜ ਦੇ ਜਵਾਨਾਂ ਨਾਲ ਹਿੰਸਕ ਝੜਪ ਹੋ ਗਈ ਸੀ। ਜਿਸ ਵਿੱਚ ਭਾਰਤੀ ਫੌਜ ਦੇ 20 ਜਵਾਨ ਸ਼ਹੀਦ ਹੋ ਗਏ ਹਨ। ਜਿਸ ਨਾਲ ਪਹਿਲਾਂ ਤੋਂ ਚੱਲ ਰਹੀ ਤਣਾਅਪੂਰਨ ਸਥਿਤੀ ਹੋਰ ਨਾਜ਼ੁਕ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਸ਼ਾਮ 5 ਵਜੇ ਬੁਲਾਈ ਗਈ ਇਸ ਬੈਠਕ ਵਿੱਚ ਅੱਗੇ ਦੇ ਹਾਲਾਤਾਂ ਬਾਰੇ ਚਰਚਾ ਕਰਨਗੇ।
ਇਸ ਤੋਂ ਪਹਿਲਾਂ ਪੀਐਮ ਨੇ ਝੜਪ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਮੰਗਲਵਾਰ ਨੂੰ ਦੇਰ ਰਾਤ ਦੇਸ਼ ਦੀ ਰਾਜਨੀਤਿਕ ਲੀਡਰਸ਼ਿਪ ਅਤੇ ਸੈਨਾ ਦੇ ਮੁਖੀ ਦੇ ਨਾਲ ਮੀਟਿੰਗ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐਸ ਜੈਸ਼ੰਕਰ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਥਲ ਸੈਨਾ ਦੇ ਮੁਖੀ ਜਨਰਲ ਐਮ.ਐਮ ਨਰਨਵਣੇ ਦੇ ਵਿਚਕਾਰ ਦੇਰ ਰਾਤ 10 ਵਜੇ ਮੁਲਾਕਾਤ ਹੋਈ ਸੀ।