ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਮਹਾਂਮਾਰੀ ਕਾਰਨ ਬਣੇ ਹਾਲਾਤਾਂ ਨੂੰ ਲੈ ਕੇ ਸੋਮਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਇਸ ਬੈਠਕ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵੀ ਸ਼ਾਮਲ ਹੋਏ।
ਪੀਐਮ ਮੋਦੀ ਨੇ ਕਿਹਾ ਕਿ ਅਸੀਂ ਕੋਰੋਨਾ ਵਿਰੁਧ ਇਸ ਪੂਰੀ ਲੜਾਈ ਵਿੱਚ ਸਫਲਤਾਪੂਰਵਕ ਲੜ ਰਹੇ ਹਾਂ। ਸੂਬਾ ਸਰਕਾਰਾਂ ਨੇ ਇਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਸਾਰੀਆਂ ਸਰਕਾਰਾਂ ਨੇ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਕਰ ਲਿਆ ਹੈ ਅਤੇ ਇਸ ਮਹਾਂਮਾਰੀ ਵਿਰੁੱਧ ਲੜਾਈ ਵਿੱਚ ਆਪਣੀ ਭੂਮਿਕਾ ਨਿਭਾਈ ਹੈ।
ਬੈਠਕ ਵਿੱਚ ਮੁੱਖ ਮੰਤਰੀਆਂ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਰਾਜਾਂ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਅਤੇ ਪ੍ਰਵਾਸੀ ਮਜ਼ਦੂਰਾਂ ਦੇ ਹਾਲਾਤਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੋਰੋਨਾ ਨੂੰ ਮੁੱਦਾ ਬਣਾ ਕੇ ਰਾਜਨੀਤੀ ਤੋਂ ਪਰਹੇਜ਼ ਕਰਨ ਦੀ ਗੱਲ ਵੀ ਕੀਤੀ।