ਅੰਬਾਲਾ: ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਪੰਜਾਬ, ਹਰਿਆਣਾ ਦੇ ਕਿਸਾਨਾਂ ਵੱਲੋਂ ਸੜਕਾਂ 'ਤੇ ਜਮ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੇ ਬਾਵਜੂਦ ਰਾਜ ਸਭਾ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਆਰਡੀਨੈਂਸਾਂ ਵਿੱਚੋਂ ਦੋ ਪਾਸ ਹੋ ਗਏ ਹਨ।
ਅੰਬਾਲਾ: ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨਾਂ ਦੀ ਸਰਜੀਕਲ ਸਟ੍ਰਾਇਕ, ਪੁਲਿਸ ਨੇ ਕੀਤਾ ਲਾਠੀਚਾਰਜ - ਹਰਿਆਣਾ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ
ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਹਰਿਆਣਾ 'ਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਨੂੰ ਰੋਡ ਤੋਂ ਹਟਾਉਣ ਦੇ ਲਈ ਪੁਲਿਸ ਵੱਲੋਂ ਲਾਠੀਚਾਰਜ ਵੀ ਕੀਤਾ ਗਿਆ।
ਹਰਿਆਣਾ ਦੇ ਅੰਬਾਲਾ ਵਿੱਚ ਇਨ੍ਹਾਂ ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਹਾਈਵੇ 'ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੰਬਾਲਾ ਰੋਡ ਨੂੰ ਪੂਰੀ ਤਰ੍ਹਾ ਕਾਂਗਰਸੀ ਵਰਕਰਾਂ ਅਤੇ ਕਿਸਾਨਾਂ ਵੱਲੋਂ ਬੰਦ ਕਰ ਦਿੱਤਾ ਗਿਆ ਹੈ। ਇਸ ਦੌਰਾਨ ਕਾਂਗਰਸ ਦੇ ਵਰਕਰਾਂ ਨੇ ਟ੍ਰੈਕਟਰ ਨੂੰ ਅੱਗ ਲਾ ਕੇ ਆਪਣਾ ਰੋਸ ਜ਼ਾਹਿਰ ਕੀਤਾ।
ਭਾਰੀ ਤਦਾਦ 'ਚ ਪੁਲਿਸ ਤੈਨਾਤ
ਸੜਕਾਂ 'ਤੇ ਉਤਰੇ ਕਿਸਾਨਾਂ ਦੀ ਵੱਡੀ ਤਦਾਦ ਨੂੰ ਵੇਖਦੇ ਹੋਏ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ। ਕਿਸਾਨਾਂ ਨੂੰ ਰੋਕਣ ਵਾਸਤੇ ਬੈਰੀਕੇਡਿੰਗ ਕੀਤੀ ਗਈ ਸੀ ਜਿਸ ਨੂੰ ਕਿਸਾਨਾਂ ਤੇ ਕਾਂਗਰਸੀ ਵਰਕਰਾਂ ਨੇ ਤੋੜਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੂੰ ਸੜਕਾਂ ਤੋਂ ਹਟਾਉਣ ਲਈ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ਅਤੇ ਲਾਠੀਚਾਰਜ ਵੀ ਕੀਤਾ ਗਿਆ।
25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ
ਇਸ ਵਿਰੋਧੀ ਆਰਡੀਨੈਂਸਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇ ਇਹ ਬਿੱਲ ਕਾਨੂੰਨ ਬਣ ਜਾਂਦੇ ਹਨ ਤਾਂ ਕਿਸਾਨ ਪੂਰੀ ਤਰ੍ਹਾਂ ਤਬਾਹ ਹੋ ਜਾਣਗੇ।
ਰਾਜ ਸਭਾ ਵਿੱਚ ਹੰਗਾਮਾ
ਖੇਤੀ ਆਰਡੀਨੈਂਸਾਂ ਦੇ ਖਿਲਾਫ਼ ਰਾਜ ਸਭਾ ਵਿੱਚ ਵਿਰੋਧੀ ਧਿਰਾਂ ਵੱਲੋਂ ਮੁਜ਼ਾਹਰਾ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਜਿਸ ਤਰੀਕੇ ਨਾਲ ਆਰਡੀਨੈਂਸ ਪਾਸ ਕੀਤੇ ਗਏ ਹਨ, ਉਹ ਨਿਯਮਾਂ ਦੀ ਉਲੰਘਣਾ ਹੈ। ਇਸ ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਨੂੰ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ।