ਨਵੀਂ ਦਿੱਲੀ: ਰਾਜ ਸਭਾ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਅੰਦਰ ਗੁਰਦੁਆਰਾ ਸਾਹਿਬ ’ਤੇ ਹੋਏ ਅੱਤਵਾਦੀ ਹਮਲੇ ਦੀ ਜਾਂਚ ਨੂੰ ਨਿਰਪੱਖ ਰੂਪ ’ਚ ਯਕੀਨੀ ਬਣਾਉਣ ਲਈ ਤੁਰੰਤ ਦਖ਼ਲ ਦਿੱਤੀ ਜਾਵੇ।
ਪਾਕਿ ਦੀ ਦਖ਼ਲਅੰਦਾਜ਼ੀ ਰੋਕਣ ਦੀ ਮੰਗ
ਬਾਜਵਾ ਨੇ ਕਿਹਾ ਕਿ ਪਾਕਿਸਤਾਨ ਨੇ ਅਫ਼ਗਾਨਿਸਤਾਨ ਸਾਹਮਣੇ ਮੰਗ ਰੱਖੀ ਸੀ ਕਿ ਕਾਬੁਲ ਹਮਲੇ ਦੇ ਮਾਸਟਰਮਾਈਂਡ ਅਤੇ ਖੁਰਾਸਨ ਵਿੰਗ ਦੇ ਲੀਡਰ ਇਸਲਾਮ ਫਾਰੂਕੀ ਨੂੰ ਪਾਕਿਸਤਾਨ ਦੇ ਹਵਾਲੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਇਸ ਹਮਲੇ ’ਚ ਆਪਣੀ ਸ਼ਮੂਲੀਅਤ ਲੁਕਾਉਣ ਲਈ ਇਹ ਮੰਗ ਕੀਤੀ ਹੈ।
ਐਨਆਈਏ ਦੀ ਜਾਂਚ ਹੋ ਸਕਦੀ ਪ੍ਰਭਾਵਿਤ
ਉਨ੍ਹਾਂ ਕਿਹਾ ਕਿ ਇਸ ਅੱਤਵਾਦੀ ਨੂੰ ਪਾਕਿਸਤਾਨ ਦੇ ਹਵਾਲੇ ਕੀਤੇ ਜਾਣ ਨਾਲ ਇਨ੍ਹਾਂ ਹਮਲਿਆਂ ਦੀ ਜਾਂਚ ’ਤੇ ਵੱਡਾ ਅਸਰ ਪਵੇਗਾ ਅਤੇ ਨਾਲ ਹੀ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਸੁਰੱਖਿਆ ਨੂੰ ਹੋਰ ਖਤਰਾ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਐਨਆਈਏ ਦੀ ਜਾਂਚ ਵੀ ਪ੍ਰਭਾਵਿਤ ਹੋ ਸਕਦੀ ਹੈ।