ਨਵੀਂ ਦਿੱਲੀ: ਦੇਸ਼ ਵਿੱਚ ਚੱਲ ਰਹੇ ਕੋਰੋਨਾ ਸੰਕਟ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ ਹਨ। ਤਾਲਾਬੰਦੀ ਦੌਰਾਨ ਪੀਐੱਮ ਮੋਦੀ ਤੀਜੀ ਵਾਰ ਇਸ ਪ੍ਰੋਗਰਾਮ ਰਾਹੀਂ ਲੋਕਾਂ ਨੂੰ ਸੰਬੋਧਨ ਕਰਨ ਜਾ ਰਹੇ ਹਨ। ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਬੀਤੇ ਸੋਮਵਾਰ ਨੂੰ ਇਸ ਪ੍ਰੋਗਰਾਮ ਲਈ ਜਨਤਾ ਤੋਂ ਸੁਝਾਅ ਵੀ ਮੰਗੇ ਸਨ।
ਪ੍ਰਧਾਨ ਮੰਤਰੀ ਨੇ ਕਿਹਾ- ਮੈਂ ਤੁਹਾਡੇ ਸੁਝਾਵਾਂ ਦੀ ਉਡੀਕ ਕਰਾਂਗਾ
ਪ੍ਰਧਾਨ ਮੰਤਰੀ ਨੇ ਪਿਛਲੇ ਸੋਮਵਾਰ ਨੂੰ ਟਵੀਟ ਕਰਕੇ 'ਮਨ ਕੀ ਬਾਤ' ਪ੍ਰੋਗਰਾਮ ਲਈ ਲੋਕਾਂ ਤੋਂ ਸੁਝਾਅ ਮੰਗੇ ਸਨ। ਇਸ ਵਿੱਚ ਉਨ੍ਹਾਂ ਲਿਖਿਆ ਕਿ ‘ਮੈਂ 31 ਮਈ ਨੂੰ ਹੋਣ ਵਾਲੇ ਮਨ ਕੀ ਬਾਤ ਪ੍ਰੋਗਰਾਮ ਲਈ ਤੁਹਾਡੇ ਸੁਝਾਵਾਂ ਦੀ ਉਡੀਕ ਕਰਾਂਗਾ। ਇਸ ਦੇ ਲਈ ਤੁਸੀਂ ਸੰਦੇਸ਼ 1800-11-7800 'ਤੇ ਰਿਕਾਰਡ ਕਰਕੇ ਭੇਜ ਸਕਦੇ ਹੋ। ਨਾਲ ਹੀ, ਨਮੋ ਐਪ ਜਾਂ ਮਾਈਗੋਵ 'ਤੇ ਵੀ ਲਿਖ ਕੇ ਭੇਜ ਸਕਦੇ ਹਨ।
ਜ਼ਿਕਰਯੋਗ ਹੈ ਕਿ ਐਤਵਾਰ ਨੂੰ 'ਮਨ ਕੀ ਬਾਤ' ਪ੍ਰੋਗਰਾਮ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੇ ਪਹਿਲੇ ਸਾਲ ਦੇ ਪੂਰੇ ਹੋਣ ਤੋਂ ਇੱਕ ਦਿਨ ਬਾਅਦ ਆਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਲੋਕਾਂ ਨਾਲ ਇੱਕ ਦਸਤਾਵੇਜ਼ ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਦੇ ਦੂਜੇ ਕਾਰਜਕਾਲ ਦੌਰਾਨ ਵਿਕਾਸ ਯਾਤਰਾ, ਸਸ਼ਕਤੀਕਰਣ ਅਤੇ ਸੇਵਾ ਦਾ ਵੇਰਵਾ ਦਿੱਤਾ। ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਦੇ ਦੂਜੇ ਕਾਰਜਕਾਲ ਦੀ ਪਹਿਲੀ ਵਰ੍ਹੇਗੰਢ ਦੇ ਮੌਕੇ ਉਨ੍ਹਾਂ ਵੱਲੋਂ ਆਪਣੇ ਟਵਿੱਟਰ ਅਕਾਉਂਟ ਤੇ ਵੈੱਬ ਪੋਰਟਲ 'ਤੇ ਸਾਂਝੇ ਕੀਤੇ ਗਏ ਇੱਕ ਦਸਤਾਵੇਜ਼ ਵਿੱਚ ਦੇਸ਼ ਦੀ ਤਰੱਕੀ ਤੇ ਵਿਕਾਸ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦਾ ਵੇਰਵਾ ਦਿੱਤਾ ਗਿਆ ਹੈ।