ਨਵੀਂ ਦਿੱਲੀ: ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿੱਚ ਫਰੰਟਲਾਈਨ ਵਿੱਚ ਖੜੇ ਡਾਕਟਰਾਂ, ਨਰਸਾਂ ਅਤੇ ਸਮੂਹ ਮੈਡੀਕਲ ਸਟਾਫ ਦਾ ਜ਼ਿਕਰ ਕਰਦੇ ਹੋਏ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਸਰਕਾਰ ਨੂੰ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਦੀ ਅਪੀਲ ਕੀਤੀ।
ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੇ ਐਤਵਾਰ ਨੂੰ ਕਿਹਾ ਕਿ ਕੋਵਿਡ-19 ਸੰਕਟ ਨਾਲ ਨਜਿੱਠਣ ਵਿੱਚ ਸਭ ਤੋਂ ਅੱਗੇ ਰਹਿ ਕੇ ਕੰਮ ਕਰ ਰਹੇ ਸਿਹਤ ਕਰਮਚਾਰੀਆਂ ਦੀ ਮਦਦ ਅਤੇ ਬਚਾਅ ਕਰਨਾ ਸਭ ਦਾ ਫਰਜ਼ ਹੈ।
ਪ੍ਰਿਅੰਕਾ ਗਾਂਧੀ ਨੇ ਟਵੀਟ ਕਰਦਿਆਂ ‘ਵੀ ਆਰ ਪ੍ਰਾਊਡ ਆਫ ਯੂ’ ਹੈਸ਼ਟੈਗ ਦੀ ਵਰਤੋਂ ਕਰਦਿਆਂ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਇਨ੍ਹਾਂ ‘ਬਹਾਦਰ ਯੋਧਿਆਂ’ ਨੂੰ ਆਪਣੇ ਸੰਦੇਸ਼ ਭੇਜਣ। ਉਨ੍ਹਾਂ ਲਿਖਿਆ, "ਸਾਡੇ ਡਾਕਟਰ, ਨਰਸਿੰਗ ਸਟਾਫ਼, ਟੈਕਨੀਸ਼ੀਅਨ, ਸਫ਼ਾਈ ਕਰਮੀ ਕੋਰੋਨਾ ਦੇ ਖ਼ਿਲਾਫ਼ ਲੜਾਈ 'ਚ ਯੋਧੇ ਹਨ, ਜੋ ਜਾਨ ਦੀ ਬਾਜ਼ੀ ਲਾ ਕੇ ਕੰਮ ਕਰ ਰਹੇ ਹਨ। ਇਨ੍ਹਾਂ ਦੀ ਮਦਦ ਕਰਨਾ, ਇਨ੍ਹਾਂ ਨੂੰ ਅਤੇ ਇਨ੍ਹਾਂ ਦੇ ਪਰਿਵਾਰਾਂ ਨੂੰ ਸੁਰੱਖਿਅਤ ਰੱਖਣਾ, ਹਰ ਢੰਗ ਨਾਲ ਸਮਰਥਨ ਕਰਨਾ ਸਾਡਾ ਸਭ ਦਾ ਫ਼ਰਜ਼ ਹੈ।"
ਬੀਤੇ ਦਿਨੀਂ ਵੀ ਇੱਕ ਵੀਡੀਓ ਪੋਸਟ ਕਰਦਿਆਂ ਪ੍ਰਿਅੰਕਾ ਨੇ ਲਿਖਿਆ ਸੀ ਕਿ ਕਈ ਥਾਵਾਂ ਤੋਂ ਰਿਪੋਰਟਾਂ ਆ ਰਹੀਆਂ ਹਨ ਕਿ ਡਾਕਟਰਾਂ, ਨਰਸਾਂ ਅਤੇ ਹਸਪਤਾਲ ਦੇ ਸਟਾਫ਼ ਲਈ ਸੇਫਟੀ ਕਿੱਟਾਂ ਨਾ ਦੇ ਕੇ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਕੱਟ ਕੇ ਉਨ੍ਹਾਂ ਨਾਲ ਬੇਇਨਸਾਫ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਯੂਪੀ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਸਮਾਂ ਇਨ੍ਹਾਂ ਯੋਧਿਆਂ ਨਾਲ ਬੇਇਨਸਾਫ਼ੀ ਕਰਨ ਦਾ ਨਹੀਂ ਸਗੋਂ ਇਨ੍ਹਾਂ ਦੀ ਗੱਲ ਸੁਣਨ ਦਾ ਹੈ।