ਨਵੀਂ ਦਿੱਲੀ: ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਦੇ ਬਾਰਡਰ ਮੈਨੇਜਮੈਂਟ ਦੇ ਸਕੱਤਰ ਬ੍ਰਜ ਰਾਜ ਸ਼ਰਮਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਨੇ ਕਰਤਾਰਪੁਰ ਲਾਂਘੇ ਦੇ ਚੱਲ ਰਹੇ ਕੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੇ ਇੱਛੁਕ ਸ਼ਰਧਾਲੂਆਂ ਲਈ ਜਾਣ ਦੀ ਪ੍ਰਕਿਰਿਆ ਵਿਧੀ ਨੂੰ ਸੁਖਾਲਾ ਤੇ ਜਨਤਕ ਕਰਨ ਦੀ ਮੰਗ ਰੱਖੀ।
ਮੀਟਿੰਗ ਵਿੱਚ ਹੋਏ ਫ਼ੈਸਲਿਆਂ ਦੇ ਖ਼ੁਲਾਸੇ ਕਰਦਿਆਂ ਰੰਧਾਵਾ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ 1 ਅਕਤੂਬਰ ਤੱਕ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਪ੍ਰਕਿਰਿਆ ਵਿਧੀ ਦਾ ਐਲਾਨ ਹੋ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਕੀਤੀ ਮੰਗ ਨੂੰ ਮੰਨਦਿਆਂ ਵੈਬ ਪੋਰਟਲ 'ਤੇ ਪੰਜਾਬੀ ਭਾਸ਼ਾ ਵਿੱਚ ਵੀ ਜਾਣਕਾਰੀ ਉਪਲੱਬਧ ਹੋਵੇਗੀ। ਰੰਧਾਵਾ ਨੇ ਦੱਸਿਆ ਕਿ ਸਮੁੱਚੇ ਪੰਜਾਬ ਵਾਸੀਆਂ ਤੇ ਦੁਨੀਆਂ ਭਰ ਵਿੱਚ ਵਸਦੀ ਨਾਨਕ ਨਾਮ ਲੇਵਾ ਸੰਗਤ ਵਿੱਚ ਖੁੱਲ੍ਹ ਰਹੇ ਕਰਤਾਰਪੁਰ ਲਾਂਘੇ ਪ੍ਰਤੀ ਬਹੁਤ ਉਤਸ਼ਾਹ ਹੈ। ਸੰਗਤ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਜਾਣ ਲਈ ਪ੍ਰਕਿਰਿਆ ਜਾਣਨ ਪ੍ਰਤੀ ਬਹੁਤ ਉਤਸੁਕ ਹੈ।
ਇਸ ਕਰਕੇ ਇਹ ਪ੍ਰਕਿਰਿਆ ਵਿਧੀ ਦਾ ਛੇਤੀ ਐਲਾਨ ਕਰ ਦਿੱਤਾ ਜਾਣਾ ਚਾਹੀਦਾ ਹੈ। ਸ਼ਰਮਾ ਨੇ ਦੱਸਿਆ ਕਿ ਭਾਰਤ ਸਰਕਾਰ ਇਸ ਸਬੰਧੀ ਤੇਜ਼ੀ ਨਾਲ ਕੰਮ ਕਰ ਰਹੀ ਹੈ ਤੇ ਇਹ ਸਾਰੀ ਵਿਧੀ ਪਹਿਲੀ ਅਕਤੂਬਰ ਤੱਕ ਜਨਤਕ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਅਪਲਾਈ ਕਰਨ ਲਈ ਬਣਨ ਵਾਲੇ ਵੈਬ ਪੋਰਟਲ ਉਪਰ ਪੰਜਾਬੀ ਭਾਸ਼ਾ ਵਿੱਚ ਵੀ ਜਾਣਕਾਰੀ ਦੇਣ ਦੀ ਮੰਗ ਨੂੰ ਸਵਿਕਾਰ ਕਰ ਲਿਆ।
ਰੰਧਾਵਾ ਨੇ ਦੱਸਿਆ ਕਿ ਮੀਟਿੰਗ ਵਿੱਚ ਇਹ ਜਾਣਕਾਰੀ ਦਿੱਤੀ ਗਈ ਕਿ ਕਰਤਾਰਪੁਰ ਲਾਂਘੇ ਦਾ ਭਾਰਤ ਵਾਲੇ ਪਾਸੇ ਉਸਾਰੀ ਦਾ ਕੰਮ 31 ਅਕਤੂਬਰ ਤੋਂ ਪਹਿਲਾਂ ਖ਼ਤਮ ਹੋ ਜਾਵੇਗਾ। ਉਨ੍ਹਾਂ ਸਕੱਤਰ ਨੂੰ ਇਹ ਵੀ ਜਾਣੂੰ ਕਰਵਾਇਆ ਕਿ ਸੂਬਾ ਸਰਕਾਰ ਵੱਲੋਂ ਨਵੰਬਰ ਦੇ ਪਹਿਲੇ ਹਫ਼ਤੇ ਡੇਰਾ ਬਾਬਾ ਨਾਨਕ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਲਈ ਸ਼ਰਧਾਲੂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਹੀ ਪਹੁੰਚਣ ਲੱਗ ਜਾਣਗੇ। ਇਸ ਕਾਰਨ ਉਸਾਰੀ ਦਾ ਸਾਰਾ ਕੰਮ ਅਕਤੂਬਰ ਮਹੀਨੇ ਦੇ ਅੰਤ ਤੱਕ ਹਰ ਹੀਲੇ ਵਿੱਚ ਮੁਕੰਮਲ ਕਰ ਲੈਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕੰਮ ਦੀ ਪ੍ਰਗਤੀ ਉਪਰ ਤਸੱਲੀ ਜ਼ਾਹਰ ਕੀਤੀ।
ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਦੇਖਦਿਆਂ ਉਨ੍ਹਾਂ ਲਈ ਸੁਰੱਖਿਆ ਇੰਤਜ਼ਾਮਾਂ ਦੇ ਮੱਦੇਨਜ਼ਰ ਬਾਰਡਰ ਮੈਨੇਜਮੈਂਟ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਪੁਲਿਸ ਸਟੇਸ਼ਨ ਸਥਾਪਤ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਫ਼ਾਇਰ ਬ੍ਰਿਗੇਡ ਅਤੇ ਹਸਪਤਾਲ ਨੂੰ ਅੱਪਗ੍ਰੇਡ ਕਰਨ ਉਪਰ ਵੀ ਵਿਚਾਰ ਚਰਚਾ ਹੋਈ।