ਚੰਡੀਗੜ੍ਹ: ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਕਾਰ ਮੰਗਲਵਾਰ ਨੂੰ ਉੱਚ ਪੱਧਰੀ ਬੈਠਕ ਹੋਈ।
ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਇਸ ਬੈਠਕ ਦੀ ਅਗਵਾਈ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕੀਤੀ। ਬੈਠਕ ਵਿੱਚ ਦੋਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਦਹਾਕਿਆਂ ਪੁਰਾਣੇ ਇਸ ਮੁੱਦੇ 'ਤੇ ਵਿਚਾਰ ਚਰਚਾ ਕੀਤੀ।
SYL 'ਤੇ ਬੈਠਕ ਰਹੀ ਸਕਾਰਾਤਮਕ: ਕੈਪਟਨ ਅਮਰਿੰਦਰ ਦਿੱਲੀ ਤੋਂ ਬੈਠਕ ਵਿੱਚ ਸ਼ਾਮਲ ਹੋਏ ਕੇਂਦਰੀ ਮੰਤਰੀ ਨੇ ਕਿਹਾ ਕਿ ਬੈਠਕ ਦੌਰਾਨ ਦੋਹਾਂ ਮੁੱਖ ਮੰਤਰੀਆਂ ਨੇ ਆਪੋ-ਆਪਣੇ ਪੱਖ ਰੱਖੇ। ਉਨ੍ਹਾਂ ਕਿਹਾ ਕਿ ਅਗਲੇ ਦੌਰ ਦੀ ਬੈਠਕ ਜਲਦ ਹੀ ਕੀਤੀ ਜਾਵੇਗੀ ਤੇ ਅੱਜ ਜਿੱਥੇ ਗੱਲਬਾਤ ਖ਼ਤਮ ਹੋਈ ਹੈ, ਉਸ ਤੋਂ ਅੱਗੇ ਚਰਚਾ ਕੀਤੀ ਜਾਵੇਗੀ।
ਐਸਵਾਈਐਲ 'ਤੇ ਬੈਠਕ ਤੋਂ ਬਾਅਦ ਕੇਂਦਰੀ ਮੰਤਰੀ ਦਾ ਬਿਆਨ ਬੈਠਕ ਮਗਰੋਂ ਇੱਕ ਵੀਡੀਓ ਸੁਨੇਹਾ ਜਾਰੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੀ ਬੈਠਕ ਸਕਾਰਾਤਮਕ ਰਹੀ ਤੇ ਬੈਠਕ ਦੌਰਾਨ ਉਨ੍ਹਾਂ ਪੰਜਾਬ ਦੀਆਂ ਸਮੱਸਿਆਵਾਂ ਨੂੰ ਪੇਸ਼ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮੁੱਦੇ 'ਤੇ ਮੁੜ ਹਰਿਆਣਾ ਦੇ ਮੁੱਖ ਮੰਤਰੀ ਨਾਲ ਬੈਠਕ ਕਰਨਗੇ।
ਕੈਪਟਨ ਨੇ ਐਸਵਾਈਐਲ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਦੇਸ਼ ਦੀ ਸੁਰੱਖਿਆ ਨੂੰ ਭੰਗ ਕਰਨ ਦੀ ਸੰਭਾਵਨਾ ਰੱਖਦਾ ਹੈ। ਮੁੱਖ ਮੰਤਰੀ ਨੇ ਪਾਣੀ ਦੀ ਉਪਲਬਧਤਾ ਲਈ ਤਾਜ਼ਾ ਸਮਾਂਬੱਧ ਮੁਲਾਂਕਣ ਕਰਨ ਲਈ ਟ੍ਰਿਬਿਊਨਲ ਦੀ ਜ਼ਰੂਰਤ ਦੁਹਰਾਈ।
ਬੈਠਕ ਦੌਰਾਨ ਕੈਪਟਨ ਨੇ ਕੇਂਦਰ ਨੂੰ ਦੱਸਿਆ, "ਤੁਹਾਨੂੰ ਮੁੱਦੇ ਨੂੰ ਰਾਸ਼ਟਰੀ ਸੁਰੱਖਿਆ ਦੇ ਨਜ਼ਰੀਏ ਤੋਂ ਵੇਖਣਾ ਪਏਗਾ। ਜੇ ਤੁਸੀਂ ਐਸਵਾਈਐਲ ਨਾਲ ਅੱਗੇ ਵਧਣ ਦਾ ਫ਼ੈਸਲਾ ਕਰਦੇ ਹੋ ਤਾਂ ਪੰਜਾਬ ਸੜ ਜਾਵੇਗਾ ਅਤੇ ਇਹ ਇੱਕ ਰਾਸ਼ਟਰੀ ਸਮੱਸਿਆ ਬਣ ਜਾਵੇਗੀ, ਇਸ ਦਾ ਅਸਰ ਹਰਿਆਣਾ ਅਤੇ ਰਾਜਸਥਾਨ ਨੂੰ ਵੀ ਭੁਗਤਣਾ ਪਵੇਗਾ।"
ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ 28 ਜੁਲਾਈ ਨੂੰ ਸੁਣਵਾਈ ਦੌਰਾਨ ਕਿਹਾ ਸੀ ਕਿ ਦੋਵੇਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਮਿਲ ਕੇ ਐਸਵਾਈਐਲ ਮੁੱਦੇ ਦਾ ਹੱਲ ਲੱਭਣਾ ਚਾਹੀਦਾ। ਸੁਪਰੀਮ ਕੋਰਟ ਨੇ ਗੱਲਬਾਤ ਲਈ 3 ਹਫ਼ਤਿਆਂ ਦਾ ਸਮਾਂ ਦਿੱਤਾ ਸੀ। ਗੱਲਬਾਤ ਦੀ ਰਿਪੋਰਟ ਵੀ ਸੁਪਰੀਮ ਕੋਰਟ ਨੂੰ ਸੌਂਪੀ ਜਾਵੇਗੀ।