ਨਵੀਂ ਦਿੱਲੀ: ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਭਾਰਤ ਚੀਨ ਸਰਹੱਦੀ ਵਿਵਾਦ ਮਾਮਲੇ ਵਿੱਚ ਕੇਂਦਰ ਸਰਕਾਰ ਉੱਤੇ ਲਗਾਤਾਰ ਹਮਲਾ ਬੋਲ ਰਹੇ ਹਨ। ਅਜਿਹੇ 'ਚ ਰਾਹੁਲ ਗਾਂਧੀ ਨੇ ਟਵੀਟ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੇਡੀਓ ਪ੍ਰੋਗਰਾਮ ਮਨ ਕੀ ਬਾਤ 'ਚ ਉਨ੍ਹਾਂ ਦੇ ਸਬੋਧਨ 'ਤੇ ਤੰਜ ਕਸਿਆ ਹੈ।
ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, "ਕਦੋ ਹੋਵੇਗੀ ਰਾਸ਼ਟਰੀ ਰੱਖਿਆ ਅਤੇ ਸੁਰੱਖਿਆ ਦੀ ਗੱਲ?” ਇਸ ਤੋਂ ਪਹਿਲਾਂ ਵੀ ਉਹ ਆਪਣੇ ਟਵੀਟ ‘ਤੇ ਪ੍ਰਧਾਨ ਮੰਤਰੀ ਮੋਦੀ ਅਤੇ ਐਨਡੀਏ ਸਰਕਾਰ ‘ਤੇ ਕਈ ਸ਼ਬਦੀ ਹਮਲੇ ਕਰ ਚੁੱਕੇ ਹਨ।
ਚੀਨ ਦੇ ਮੁੱਦੇ 'ਤੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਵੀ ਇੱਕ ਟਵੀਟ ਵਿੱਚ ਪੀਐੱਮ ਮੋਦੀ 'ਤੇ ਨਿਸ਼ਾਨਾ ਵਿੰਨ੍ਹਿਆ ਸੀ। ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਪੁੱਛਿਆ ਸੀ, 'ਸਾਡੇ ਜਵਾਨਾਂ ਨੂੰ ਬਿਨਾ ਹਥਿਆਰ ਦੇ ਕਿਨ੍ਹੇ ਭੇਜਿਆ ਤੇ ਕਿਉਂ ਭੇਜਿਆ?
ਕੁਝ ਦਿਨ ਪਹਿਲਾਂ ਵੀ ਕਾਂਗਰਸ ਦੇ ਰਾਹੁਲ ਗਾਂਧੀ ਨੇ ਚੀਨ ਦੇ ਮੁੱਦੇ 'ਤੇ ਟਵੀਟ ਕਰਕੇ ਪ੍ਰਧਾਨ ਮੰਤਰੀ ਤੋਂ ਜਵਾਬ ਮੰਗਿਆ ਸੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਪ੍ਰਧਾਨ ਮੰਤਰੀ ਤੋਂ ‘ਸੱਚ’ ਸੁਣਨਾ ਚਾਹੁੰਦੇ ਹਨ। ਉਨ੍ਹਾਂ ਨੇ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਘਿਰਾਓ ਵੀ ਕੀਤਾ ਹੈ। ਉਨ੍ਹਾਂ ਨੇ ਇੱਕ ਟਵੀਟ ਵਿੱਚ ਲਿਖਿਆ ਕਿ ਮੋਦੀ ਸਰਕਾਰ ਨੇ ਕੋਰੋਨਾ ਮਹਾਂਮਾਰੀ ਅਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ‘ਅਨਲੌਕ’ ਕਰ ਦਿੱਤਾ ਹੈ।