ਨਵੀਂ ਦਿੱਲੀ: ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੀਡੀਆ ਨਾਲ ਗੱਲਬਾਤ ਕੀਤੀ। ਰਾਹੁਲ ਨੇ ਕੋਰੋਨਾ ਸੰਕਟ ਅਤੇ ਤਾਲਾਬੰਦੀ ਕਾਰਨ ਆਮ ਲੋਕਾਂ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਨੂੰ ਕੋਰੋਨਾ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰਨਾ ਪਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਰਾਜਨੀਤੀ ਕਰਨ ਦਾ ਸਮਾਂ ਨਹੀਂ ਹੈ। ਉਨ੍ਹਾਂ ਤਾਲਾਬੰਦੀ ਖੋਲ੍ਹਣ ਦੀ ਵੀ ਵਕਾਲਤ ਕੀਤੀ।
ਰਾਹੁਲ ਗਾਂਧੀ ਨੇ ਕਿਹਾ ਕਿ ਇਸ ਸਮੇਂ ਤਾਲਾਬੰਦੀ ਖੋਲ੍ਹਣ ਦੀ ਜ਼ਰੂਰਤ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਜੇ ਤੁਸੀਂ ਕਾਰੋਬਾਰੀ ਲੋਕਾਂ ਨੂੰ ਪੁੱਛੋਗੇ ਤਾਂ ਉਹ ਤੁਰੰਤ ਸਪਲਾਈ ਚੇਨ ਬਾਰੇ ਸ਼ਿਕਾਇਤ ਕਰਨਗੇ। ਰਾਹੁਲ ਨੇ ਕਿਹਾ ਕਿ ਪ੍ਰਵਾਸੀ ਮਜ਼ਦੂਰ, ਗ਼ਰੀਬ ਅਤੇ ਛੋਟੇ ਕਾਰੋਬਾਰੀਆਂ ਨੂੰ ਅੱਜ ਪੈਸਿਆਂ ਦੀ ਜ਼ਰੂਰਤ ਹੈ। ਜੇ ਇਹ ਨਹੀਂ ਕੀਤਾ ਜਾਂਦਾ ਤਾਂ ਲੋਕਾਂ ਦੀ ਨੌਕਰੀ ਜਾਣ ਨਾਲ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।
ਰਾਹੁਲ ਗਾਂਧੀ ਨੇ ਕਿਹਾ ਕਿ ਜੋ ਇਸ ਤਾਲਾਬੰਦੀ ਕਾਰਨ ਸੰਘਰਸ਼ ਕਰ ਰਹੇ ਹਨ ਅਸੀਂ ਉਨ੍ਹਾਂ ਦੀ ਮਦਦ ਕੀਤੇ ਬਿਨ੍ਹਾਂ ਤਾਲਾਬੰਦੀ ਜਾਰੀ ਨਹੀਂ ਰੱਖ ਸਕਦੇ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਸੁਝਾਅ ਦਿੰਦਿਆਂ ਉਨ੍ਹਾਂ ਕਿਹਾ ਕਿ ਮੈਂ ਸਰਕਾਰ ਨੂੰ ਬੇਨਤੀ ਕਰਾਂਗਾ ਕਿ ਉਹ ਸੂਬਾ ਸਰਕਾਰਾਂ, ਜ਼ਿਲ੍ਹਾ ਮੈਜਿਸਟਰੇਟ ਨੂੰ ਆਪਣਾ ਸਾਥੀ ਸਮਝੇ ਅਤੇ ਫੈਸਲਾ ਲੈਣ ਦਾ ਕੇਂਦਰੀਕਰਨ ਨਾ ਕੀਤਾ ਜਾਵੇ।