ਨਵੀਂ ਦਿੱਲੀ: ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਨੇ ਨਾਗਰਿਕ ਸੋਧ ਕਾਨੂੰਨ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ 'ਤੇ ਨਿਸ਼ਾਨਾ ਸਾਧਿਆ ਹੈ। ਵਿਰੋਧੀ ਪਾਰਟੀਆਂ ਦੀ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਸਰਕਾਰ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਰਹੀ ਹੈ।
ਸੀਏਏ 'ਤੇ ਬੈਠਕ ਤੋਂ ਬਾਅਦ ਰਾਹੁਲ ਗਾਂਧੀ ਦਾ ਪੀਐਮ ਮੋਦੀ 'ਤੇ ਹਮਲਾ - ਨਾਗਰਿਕ ਸੋਧ ਕਾਨੂੰਨ
ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਸਰਕਾਰ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਰੁਜ਼ਗਾਰ ਦੇ ਮਾਮਲੇ 'ਤੇ ਤਾਂ ਹੁਣ ਕਦੇ ਗੱਲ ਕੀਤੀ ਹੀ ਨਹੀਂ ਜਾਂਦੀ। ਉਨ੍ਹਾਂ ਅੱਗੇ ਕਿਹਾ ਕਿ ਖ਼ਰਾਬ ਅਰਥ-ਵਿਵਸਥਾ ਉੱਤੇ ਕੇਂਦਰ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ।
ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਦੇਸ਼ ਵਿੱਚ ਕਿਸਾਨ ਅਤੇ ਵਿਦਿਆਰਥੀ ਕੇਂਦਰ ਸਰਕਾਰ ਤੋਂ ਬਹੁਤ ਪਰੇਸ਼ਾਨ ਹਨ। ਉਨ੍ਹਾਂ ਦੇ ਗੁੱਸੇ ਦਾ ਮੁੱਖ ਕਾਰਨ ਬੇਰੁਜ਼ਗਾਰੀ ਅਤੇ ਮਹਿੰਗਾਈ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦੀ ਮੌਜੂਦਾ ਸਰਕਾਰ ਹਰ ਕੀਮਤ 'ਤੇ ਅਸਫ਼ਲ ਸਾਬਤ ਹੋਈ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਦੇਸ਼ ਦੀ ਕਿਸੇ ਵੀ ਯੂਨੀਵਰਸਿਟੀ ਵਿੱਚ ਜਾਓ ਅਤੇ ਉੱਥੇ ਵਿਦਿਆਰਥੀਆਂ ਨੂੰ ਦੱਸੋ ਕਿ ਤੁਸੀਂ ਉਨ੍ਹਾਂ ਲਈ ਕੀ ਕੀਤਾ ਹੈ ਅਤੇ ਵਿਦਿਆਰਥੀਆਂ ਨੂੰ ਦੱਸਣ ਕਿ ਅੱਜ ਦੇਸ਼ ਦੀ ਆਰਥਿਕਤਾ ਦੀ ਇਹ ਸਥਿਤੀ ਕਿਉਂ ਹੈ? ਦੇਸ਼ ਵਿੱਚ ਇੰਨੀ ਬੇਰੁਜ਼ਗਾਰੀ ਕਿਉਂ ਹੈ?
ਦੱਸਦਈਏ ਕਿ ਅੱਜ ਕਾਂਗਰਸ ਦੀ ਅਗਵਾਈ ਹੇਠ ਵਿਰੋਧੀ ਪਾਰਟੀਆਂ ਦੀ ਮੀਟਿੰਗ ਹੋਈ। ਜਿਸ ਵਿੱਚ ਸ਼ਿਵ ਸੈਨਾ, ਬਹੁਜਨ ਸਮਾਜ ਪਾਰਟੀ, ਤ੍ਰਿਣਮੂਲ ਕਾਂਗਰਸ ਤੇ ਸਮਾਜਵਾਦੀ ਪਾਰਟੀ ਸਮੇਤ ਛੇ ਅਹਿਮ ਪਾਰਟੀਆਂ ਖ਼ੁਦ ਨੂੰ ਵੱਖ ਰੱਖਿਆ। ਮੀਟਿੰਗ 'ਚ 20 ਪਾਰਟੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ, ਜਿਸ ਵਿੱਚ ਮੂਲ ਰੂਪ 'ਚ CAA ਅਤੇ ਅਰਥ-ਵਿਵਸਥਾ ਉੱਤੇ ਚਰਚਾ ਕੀਤੀ ਗਈ।