ਨਵੀਂ ਦਿੱਲੀ: ਰਾਜ ਸਭਾ ਵਿੱਚ ਵਿਦੇਸ਼ੀ ਯੋਗਦਾਨ (ਰੈਗੂਲੇਸ਼ਨ) ਸੋਧ ਬਿੱਲ 2020 (FCRA) ਪਾਸ ਕਰ ਦਿੱਤਾ ਗਿਆ ਹੈ। ਇਹ ਬਿੱਲ ਲੋਕ ਸਭਾ ਵਿੱਚ ਪਹਿਲਾਂ ਹੀ ਪਾਸ ਹੋ ਚੁੱਕਿਆ ਹੈ।
ਇਸ ਵਿੱਚ ਵਿਦੇਸ਼ੀ ਯੋਗਦਾਨ ਪਾਉਣ ਵਾਲੇ ਗ਼ੈਰ ਸਰਕਾਰੀ ਸੰਗਠਨ (NGO) ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।
ਭਾਜਪਾ ਦੇ ਸੰਸਦ ਮੈਂਬਰ ਅਰੁਣ ਸਿੰਘ ਦਾ ਕਹਿਣਾ ਹੈ ਕਿ ਕੁਝ ਐਨਜੀਓਜ਼ ਚੌਕਲੇਟ ਖਰੀਦ ਕੇ ਤੇ ਵੱਡੇ ਮਕਾਨ ਕਿਰਾਏ 'ਤੇ ਦੇ ਕੇ ਫੰਡਾਂ ਦੀ ਦੁਰਵਰਤੋਂ ਕਰ ਰਹੀਆਂ ਸਨ। ਬਿੱਲ ਵਿੱਚ ਇਹ ਤਸਦੀਕ ਕਰਨ ਦੀ ਵਿਵਸਥਾ ਕੀਤੀ ਗਈ ਹੈ ਕਿ ਕੀ ਗ਼ੈਰ ਸਰਕਾਰੀ ਸੰਗਠਨਾਂ ਦੁਆਰਾ ਪ੍ਰਾਪਤ ਹੋਏ ਫੰਡਾਂ ਦੀ ਵਰਤੋਂ ਇਸ ਮਕਸਦ ਲਈ ਕੀਤੀ ਜਾ ਰਹੀ ਹੈ।
ਉਨ੍ਹਾਂ ਇਸ ਬਿੱਲ ਦਾ ਸਮਰਥਨ ਕਰਦਿਆਂ ਕਿਹਾ ਕਿ ਕੁਝ ਗ਼ੈਰ ਸਰਕਾਰੀ ਸੰਸਥਾਵਾਂ ਜ਼ਬਰਦਸਤੀ ਤਬਦੀਲੀਆਂ ਲਈ ਅਜਿਹੇ ਫੰਡਾਂ ਦੀ ਵਰਤੋਂ ਕਰ ਰਹੀਆਂ ਹਨ। ਬਿੱਲ ਐਨਜੀਓ ਦੀਆਂ ਦੇਸ਼ ਵਿਰੋਧੀ ਗਤੀਵਿਧੀਆਂ ਦੀ ਜਾਂਚ ਕਰਦਾ ਹੈ ਜੋ ਦੇਸ਼ ਤੋਂ ਬਾਹਰੋਂ ਫੰਡ ਪ੍ਰਾਪਤ ਕਰਦੇ ਹਨ।
ਇਸ ਤੋਂ ਇਲਾਵਾ ਰਾਜ ਸਭਾ ਤੋਂ ਮੁਅੱਤਲ ਕੀਤੇ 8 ਸੰਸਦ ਮੈਂਬਰਾਂ ਦੇ ਮੁੱਦੇ 'ਤੇ ਵਿਰੋਧੀ ਧਿਰ ਇਕਜੁੱਟ ਹੋ ਗਈ ਹੈ। ਵਿਰੋਧੀ ਧਿਰ ਨੇ ਸਦਨ ਦੀ ਕਾਰਵਾਈ ਦਾ ਬਾਇਕਾਟ ਕਰਨ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਕਾਂਗਰਸ ਦੀ ਅਗਵਾਈ ਵਾਲੀ ਵਿਰੋਧੀ ਧਿਰ ਨੇ ਰਾਜ ਸਭਾ ਅਤੇ ਲੋਕ ਸਭਾ ਦੀ ਕਾਰਵਾਈ ਦਾ ਬਾਇਕਾਟ ਕੀਤਾ ਸੀ।