ਨਵੀਂ ਦਿੱਲੀ: ਮੰਗਲਵਾਰ ਨੂੰ ਰਾਜ ਸਭਾ ਵਿੱਚ ਜਲ੍ਹਿਆਂਵਾਲਾ ਬਾਗ਼ ਸੋਧ ਬਿੱਲ ਪਾਸ ਕਰ ਦਿੱਤਾ ਗਿਆ ਹੈ। ਇਹ ਬਿੱਲ ਪਹਿਲਾਂ ਹੀ ਲੋਕ ਸਭਾ ਵਿੱਚ ਪਾਸ ਹੋ ਚੁੱਕਿਆ ਹੈ। ਇਸ ਬਿੱਲ ਰਾਹੀਂ ਟਰੱਸਟੀ ਵਜੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਨੂੰ ਹਟਾ ਕੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਨੂੰ ਰੱਖਣ ਦੀ ਵਿਵਸਥਾ ਕੀਤੀ ਜਾਣੀ ਹੈ।
ਇਸ ਖਰੜੇ ਕਾਨੂੰਨ ਵਿੱਚ ਇਹ ਵਿਵਸਥਾ ਹੈ ਕਿ ਜੇ ਵਿਰੋਧੀ ਧਿਰ ਦਾ ਕੋਈ ਆਗੂ ਨਹੀਂ ਹੈ, ਤਾਂ ਸਭ ਤੋਂ ਵੱਡੀ ਵਿਰੋਧੀ ਪਾਰਟੀ ਦੇ ਆਗੂ ਨੂੰ ਟਰੱਸਟੀ ਬਣਾਇਆ ਜਾਵੇਗਾ।
ਕੀ ਹੈ ਜਲ੍ਹਿਆਂਵਾਲਾ ਬਾਗ਼ ਸੋਧ ਬਿੱਲ?
ਜਲ੍ਹਿਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਐਕਟ 1951 ਦੇ ਤਹਿਤ ਟਰੱਸਟ ਨੂੰ ਮੈਮੋਰੀਅਲ ਅਤੇ ਨਿਰਮਾਣ ਦਾ ਅਧਿਕਾਰ ਪ੍ਰਾਪਤ ਹੈ। ਇਸ ਤੋਂ ਇਲਾਵਾ ਇਸ ਐਕਟ 'ਚ ਟਰੱਸਟੀਆਂ ਦੀ ਚੋਣ ਅਤੇ ਉਨ੍ਹਾਂ ਦੇ ਕਾਰਜਕਾਲ ਬਾਰੇ ਵੀ ਦੱਸਿਆ ਗਿਆ ਹੈ। ਹੁਣ ਤੱਕ ਕਾਂਗਰਸ ਪਾਰਟੀ ਦਾ ਪ੍ਰਧਾਨ ਹੀ ਮੈਮੋਰੀਅਲ ਦੇ ਟਰੱਸਟ ਦੇ ਅਹੁਦੇ 'ਤੇ ਰਿਹਾ ਹੈ ਪਰ ਹੁਣ ਨਵੇਂ ਸੋਧ ਵਿੱਚ ਟਰੱਸਟ ਦੇ ਪ੍ਰਧਾਨ ਨੂੰ ਬਦਲਣ ਦੀ ਤਿਆਰੀ ਹੈ।
ਦੱਸ ਦਈਏ ਕਿ ਸੰਸਦ ਦਾ ਸਰਦ ਰੁੱਤ ਇਜਲਾਸ ਸੋਮਵਾਰ ਤੋਂ ਸ਼ੁਰੂ ਹੋ ਚੁੱਕਿਆ ਹੈ। ਇਸ ਤੋਂ ਪਹਿਲਾਂ ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 250ਵੇਂ ਇਜਲਾਸ ਦੇ ਪਹਿਲੇ ਦਿਨ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਸਥਾਈਪਣ ਤੇ ਵਿਭਿੰਨਤਾ ਇਸ ਸਦਨ ਦੀ ਸਭ ਤੋਂ ਵੱਡੀ ਖ਼ਾਸੀਅਤ ਹੈ।