ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕੋਰੋਨਾ ਪੌਜ਼ੀਟਿਵ ਪਾਏ ਜਾਣ ਮਗਰੋਂ ਉਨ੍ਹਾਂ ਦੇ ਸੰਪਰਕ ਵਿੱਚ ਰਹੇ ਕਈ ਆਗੂਆਂ ਨੇ ਖ਼ੁਦ ਨੂੰ ਆਈਸੋਲੇਟ ਕਰ ਲਿਆ ਹੈ। ਇਸ ਸੂਚੀ ਵਿੱਚ ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਦਾ ਨਾਂਅ ਵੀ ਸ਼ਾਮਲ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਸੀ।
ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਵਿੱਚ ਕੋਰੋਨਾ ਦੇ ਲੱਛਣ ਨਹੀਂ ਹਨ ਪਰ ਮੈਡੀਕਲ ਪ੍ਰੋਟੋਕੌਲ ਤਹਿਤ ਉਨ੍ਹਾਂ ਨੇ ਖ਼ੁਦ ਨੂੰ ਆਈਸੋਲੇਟ ਕਰ ਲਿਆ ਹੈ।
ਅਮਿਤ ਸ਼ਾਹ ਤੋਂ ਇਲਾਵਾ ਮੱਧ ਪ੍ਰੇਦਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਭਾਜਪਾ ਆਗੂ ਸਵਤੰਤਰ ਸਿੰਘ, ਕਰਨਾਟਕਾ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਅਤੇ ਪੀ ਚਿੰਦਬਰਮ ਦੇ ਬੇਟੇ ਕਾਰਤੀ ਚਿੰਦਬਰਮ ਵੀ ਕੋਵਿਡ ਪੌਜ਼ੀਟਿਵ ਪਾਏ ਗਏ ਹਨ। ਇਨ੍ਹਾਂ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਸਿਹਤ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਅਤੇ ਸਾਰਿਆਂ ਨੂੰ ਆਈਸੋਲੇਸ਼ਨ ਵਿੱਚ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।
ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਦੇਸ਼ 'ਚ 52 ਹਜ਼ਾਰ ਤੋਂ ਵੱਧ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ, ਜਦਕਿ ਇਸ ਦੌਰਾਨ 771 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 18 ਲੱਖ ਅਤੇ ਮਰਨ ਵਾਲਿਆਂ ਦੀ ਗਿਣਤੀ 38 ਹਜ਼ਾਰ ਤੋਂ ਪਾਰ ਹੋ ਗਈ ਹੈ।