ਜੈਪੁਰ: ਰਾਜਸਥਾਨ ਦੇ ਸਿਆਸੀ ਸੰਕਟ ਵਿਚਾਲੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਪੱਲਾ ਭਾਰੀ ਦਿਖਾਈ ਦੇ ਰਿਹਾ ਹੈ। ਕਾਂਗਰਸ ਵਿਧਾਇਕ ਦਲ ਦੀ ਬੈਠਕ ਵਿੱਚ ਵਿਧਾਇਕਾਂ ਨੇ ਅਸ਼ੋਕ ਗਹਿਲੋਤ ਨੂੰ ਆਪਣਾ ਆਗੂ ਮੰਨਿਆ ਅਤੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਸਚਿਨ ਪਾਇਲਟ ਅਤੇ ਉਸ ਦੇ 2 ਹੋਰ ਕਰੀਬੀ ਮੰਤਰੀਆਂ ਨੂੰ ਰਾਜਸਥਾਨ ਦੇ ਮੰਤਰੀ ਮੰਡਲ ਤੋਂ ਬਰਖ਼ਾਸਤ ਕਰ ਦਿੱਤਾ ਗਿਆ।
ਸਚਿਨ ਪਾਇਲਟ ਨੂੰ ਉਪ ਮੁੱਖ ਮੰਤਰੀ ਅਤੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ 'ਤੇ ਗੋਵਿੰਦ ਸਿੰਘ ਡੋਟਸਾਰਾ ਨੂੰ ਨਵਾਂ ਸੂਬਾ ਪ੍ਰਧਾਨ ਐਲਾਨਿਆ ਗਿਆ ਹੈ। ਸਚਿਨ ਪਾਇਲਟ ਤੋਂ ਇਲਾਵਾ ਵਿਸ਼ਵੇਂਦਰ ਸਿੰਘ ਅਤੇ ਰਮੇਸ਼ ਮੀਣਾ ਨੂੰ ਮੰਤਰੀ ਮੰਡਲ ਤੋਂ ਬਾਹਰ ਕਰ ਦਿੱਤਾ ਗਿਆ ਹੈ। ਰਾਜਪਾਲ ਕਲਰਾਜ ਮਿਸ਼ਰਾ ਨੇ ਵੀ ਸਚਿਨ ਪਾਇਲਟ ਨੂੰ ਅਹੁਦੇ ਤੋਂ ਹਟਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।
ਅਸ਼ੋਕ ਗਹਿਲੋਤ ਨਾਲ ਘਸਮਾਨ ਵਿਚਾਲੇ ਕਈ ਦਿਨਾਂ ਮਗਰੋਂ ਸਚਿਨ ਪਾਇਲਟ ਨੇ ਟਵੀਟ ਕੀਤਾ ਹੈ। ਉਨ੍ਹਾਂ ਆਪਣੇ ਟਵੀਟ 'ਚ ਕਿਹਾ, "ਸੱਚ ਨੂੰ ਪਰੇਸ਼ਾਨ ਕੀਤਾ ਜਾ ਸਕਦਾ ਹੈ ਹਰਾਇਆ ਨਹੀਂ।"